ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਅਗਸਤ
ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿੱਤੀ ਪੈਕੇਜ ਦੀ ਮੰਗ ਕੀਤੀ ਤਾਂ ਜੋ ਹਾਲ ਹੀ ਵਿੱਚ ਮੀਂਹ ਕਾਰਨ ਬਰਬਾਦ ਹੋਈਆਂ ਫ਼ਸਲਾਂ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕੇਂਦਰੀ ਸਿਹਤ ਮੰਤਰੀ ਕੋਲੋਂ ‘ਏਮਸ’ ਬਠਿੰਡਾ ਦੇ ਟਰੌਮਾ ਸੈਂਟਰ ਨੂੰ 300 ਬਿਸਤਰਿਆਂ ਦਾ ਕਰਨ ਲਈ ਫੰਡ ਦੇਣ ਦੀ ਮੰਗ ਵੀ ਕੀਤੀ।
ਉਨ੍ਹਾਂ ਕਿਹਾ ਕਿ ਸੰਸਥਾ ਦੇ ਐਮਰਜੈਂਸੀ ਬਲਾਕ ਵਿਚ ਸਿਰਫ਼ 28 ਮਰੀਜ਼ਾਂ ਦੇ ਇਲਾਜ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਵਿਚੋਂ ਤਿੰਨ ਕੌਮੀ ਮਾਰਗ ਤੇ ਦੋ ਸਟੇਟ ਹਾਈਵੇਅ ਲੰਘਦੇ ਹਨ, ਇਸ ਕਾਰਨ ਹਾਦਸੇ ਬਹੁਤ ਹੁੰਦੇ ਹਨ। ਲੋਕ ਸਭਾ ਮੈਂਬਰ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ‘ਆਪ’ ਸਰਕਾਰ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਦੇ 300 ਕਰੋੜ ਰੁਪਏ ਵੀ ਸਰਕਾਰ ਵੱਲ ਬਕਾਇਆ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਵੇਲੇ ਤੇ ਹੁਣ ‘ਆਪ ਸਰਕਾਰ ਵੇਲੇ ਪੰਜਾਬੀ ਇਸ ਸਿਹਤ ਬੀਮਾ ਯੋਜਨਾ ਤੋਂ ਵਾਂਝੇ ਹੋ ਗਏ ਹਨ ਕਿਉਂਕਿ ਸਰਕਾਰਾਂ ਉਸ ਬੀਮਾ ਕੰਪਨੀ ਖਿਲਾਫ਼ ਕਾਰਵਾਈ ਨਹੀਂ ਕਰ ਸਕੀਆਂ ਜੋ ਆਪਣੇ ਠੇਕੇ ਵਿਚ ਡਿਫਾਲਟਰ ਹੋ ਗਈ ਹੈ। ਹਰਸਿਮਰਤ ਨੇ ਮੰਗ ਕੀਤੀ ਕਿ ਉਨ੍ਹਾਂ ਅਧਿਕਾਰੀਆਂ ਤੇ ਬੀਮਾ ਕੰਪਨੀ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਜਿਨ੍ਹਾਂ ਪੰਜਾਬ ਦੇ ਲੋਕਾਂ ਨੂੰ ਠੱਗਿਆ ਹੈ। ਪੰਜਾਬ ਦੇ ਕਿਸਾਨਾਂ ਲਈ ਵਿੱਤੀ ਪੈਕੇਜ ਦੀ ਮੰਗ ਕਰਦਿਆਂ ਲੋਕ ਸਭਾ ਮੈਂਬਰ ਨੇ ਦੱਸਿਆ ਕਿ ਪਹਿਲਾਂ ਕਣਕ ਤੇ ਹੁਣ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ। ਲਗਾਤਾਰ ਤਿੰਨ ਵਾਰ ਨਰਮੇ ਦੀ ਫ਼ਸਲ ਤਬਾਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੀੜਤ ਕਿਸਾਨਾਂ ਲਈ ਕੁਝ ਵੀ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਕਿਸਾਨਾਂ ਵਾਸਤੇ ਕੁਝ ਵੀ ਕਰਨ ਵਿਚ ਨਾਕਾਮ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨੂੰ ਮਿਲ ਕੇ ਉਹਨਾਂ ਨੂੰ ਰਾਹਤ ਦੇਣ ਦੀ ਥਾਂ ਹਵਾਈ ਦੌਰੇ ਕਰ ਰਹੇ ਹਨ। ਹਰਸਿਮਰਤ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੂੰਗੀ ਬੀਜਣ ਲਈ ਕਿਹਾ ਸੀ ਤੇ 7225 ਰੁਪਏ ਪ੍ਰਤੀ ਕੁਇੰਟਲ ਐਮਐੱਸਪੀ ਦੇਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਨੂੰ ਪ੍ਰਾਈਵੇਟ ਵਪਾਰੀਆਂ ਜੋਗਾ ਹੀ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿਚ ਆਈ 4 ਲੱਖ ਟਨ ਮੂੰਗੀ ਦੀ ਫ਼ਸਲ ਵਿਚੋਂ ਸਿਰਫ਼ 10 ਫੀਸਦੀ ਦੀ ਖ਼ਰੀਦ ਹੀ ਸਰਕਾਰੀ ਏਜੰਸੀਆਂ ਨੇ ਕੀਤੀ ਹੈ।