ਸ੍ਰੀ ਆਨੰਦਪੁਰ ਸਾਹਿਬ (ਬੀ.ਐਸ.ਚਾਨਾ): ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਮੰਨਦੇ ਹਨ ਕਿ 1984 ਵਿੱਚ ਵਾਪਰੇ ਦੁਖਾਂਤ ਨੂੰ ਦੁਨੀਆ ਭਰ ਵਿੱਚ ਵਸਦਾ ਕੋਈ ਵੀ ਸਿੱਖ ਭੁਲਾ ਨਹੀਂ ਸਕਦਾ, ਪਰ ਇਸ ਦੁਖਾਂਤ ਨੂੰ ਖ਼ਾਲਿਸਤਾਨ ਨਾਲ ਜੋੜਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਸ਼ ਅੰਦਰ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਕਰਕੇ ਖ਼ਾਲਿਸਤਾਨ ਬਣਾਉਣ ਬਾਰੇ ਦਿੱਤੇ ਗਏ ਬਿਆਨ ਬਾਰੇ ਸਥਿਤੀ ਸਪਸ਼ਟ ਕਰੇ। ਪੰਜਾਬੀ ਟ੍ਰਿਬਿਊਨ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸ੍ਰੀ ਬਿੱਟੂ ਨੇ ਕਿਹਾ ਕਿ ਖ਼ੁਦ ਨੂੰ ਸਿੱਖ ਕੌਮ ਦੇ ਹਿਤੈਸ਼ੀ ਦੱਸਣ ਵਾਲੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਚਾਹੀਦਾ ਹੈ ਕਿ ਉਹ ਬਤੌਰ ਸਿੱਖ ਤੇ ਕੇਂਦਰੀ ਕੈਬਨਿਟ ਮੰਤਰੀ, ਜਥੇਦਾਰ ਤੇ ਪ੍ਰਧਾਨ ਦੇ ਮੂੰਹੋਂ ਨਿਕਲੇ ਸ਼ਬਦਾਂ ਨੂੰ ਅਮਲੀ ਰੂਪ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਕ ਰਸਾਈ ਕਰਨ। ਉਨ੍ਹਾਂ ਕਿਹਾ ਕਿ ਦੋਵਾਂ ਸਿੱਖ ਆਗੂਆਂ ਵੱਲੋਂ ਦੇਸ਼ ਅੰਦਰ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਵੀ ਬੀਬਾ ਬਾਦਲ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਜੇਕਰ ਉਹ ਜਥੇਦਾਰ ਵੱਲੋਂ ਮੰਗੇ ਗਏ ਖ਼ਾਲਿਸਤਾਨ ਦੀ ਮੰਗ ਨੂੰ ਲਾਗੂ ਨਹੀਂ ਕਰਵਾ ਸਕਦੇ ਹਨ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਜਾਂ ਫਿਰ ਅਕਾਲ ਤਖਤ ਦੇ ਜਥੇਦਾਰ ਦੇ ਖਾਲਿਸਤਾਨ ਬਾਰੇ ਬੋਲਾਂ ਨੂੰ ਲਾਗੂ ਕਰਵਾਉਣ ਤੋਂ ਇਨਕਾਰ ਕਰਦੇ ਹੋਏ ਆਪਣਾ ਪੱਖ ਕੌਮ ਦੇ ਸਾਹਮਣੇ ਰੱਖਣ। ਸ੍ਰੀ ਬਿੱਟੂ ਨੇ ਕਿਹਾ ਕਿ ਭਾਜਪਾ ਇਸ ਪੂਰੇ ਮੁੱਦੇ ’ਤੇ ਆਪਣੀ ਸਥਿਤੀ ਸਪਸ਼ਟ ਕਰੇ, ਜਾਂ ਫਿਰ ਸ਼੍ਰੋਮਣੀ ਅਕਾਲੀ ਦਲ ਨਾਲੋਂ ਰਿਸ਼ਤੇ ਤੋੜੇ।