ਹਰਸਿਮਰਤ ਕੌਰ ਬਾਦਲ ਦਾ ਕੇਂਦਰ ’ਤੇ ਨਿਸ਼ਾਨਾ; ਪੰਜਾਬ ਯੂਨੀਵਰਸਿਟੀ ’ਤੇ ਕੰਟਰੋਲ ਕਾਇਮ ਕਰਨ ਦੀ ਕੋਸ਼ਿਸ਼
ਬਠਿੰਡਾ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਹੇਠ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਨੇ ਸਿੰਡੀਕੇਟ ਅਤੇ ਸੈਨੇਟ ਨੂੰ ਨਾਮਜ਼ਦ ਬਾਡੀ ਬਣਾਉਣ ਦੇ ਫ਼ੈਸਲੇ ਨੂੰ ਤਾਨਾਸ਼ਾਹੀ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ’ਤੇ ਕੇਂਦਰ ਸਰਕਾਰ ਦਾ ਵਿਰੋਧ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦੀ ਪ੍ਰਣਾਲੀ ਨੂੰ ਚੋਣਾਂ ਤੋਂ ਹਟਾ ਕੇ ਨਾਮਜ਼ਦੀ ਰਾਹੀਂ ਚਲਾਉਣਾ ਨਾ ਸਿਰਫ਼ ਪੰਜਾਬ ਦੇ ਅਧਿਕਾਰਾਂ ’ਤੇ ਵਾਰ ਹੈ, ਬਲਕਿ 1966 ਦੇ ਪੰਜਾਬ ਪੁਨਰਗਠਨ ਐਕਟ ਦੀ ਵੀ ਉਲੰਘਣਾ ਹੈ।
ਉਨ੍ਹਾਂ ਨੇ ਧੁਰੋ ਦੋਸ਼ ਲਗਾਇਆ ਕਿ ਇਹ ਕਦਮ ਚੰਡੀਗੜ੍ਹ, ਦਰਿਆਈ ਪਾਣੀ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧ ਵਿੱਚ ਹਸਤਖੇਪ ਤੋਂ ਬਾਅਦ ਹੁਣ ਇੱਕ ਹੋਰ ਸੰਸਥਾ ਨੂੰ ਨਿਸ਼ਾਨਾ ਬਣਾਉਣ ਦੀ ਲੜੀ ਹੈ।
ਇਸ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਤੋਂ ਵੀ ਸਵਾਲ ਕੀਤੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਫ਼ੈਸਲੇ ਦਾ ਵਿਰੋਧ ਕਿਉਂ ਨਹੀਂ ਕੀਤਾ ਅਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਕਿਹੜੇ ਕਦਮ ਚੁੱਕੇ ਹਨ। ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਸਪਸ਼ਟ ਕਰੇ ਕਿ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਲਈ ਲਗਾਤਾਰ ਕਦਮ ਕਿਉਂ ਚੁੱਕੇ ਜਾ ਰਹੇ ਹਨ।
