ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸ਼ਿੰਗਾਰਾ ਸਿੰਘ ਮਾਨ ਨੇ ਅੱਜ ਇੱਥੇ ਸੰਬੋਧਨ ਕਰਦਿਆਂ ਕਿਸਾਨ ਮੋਰਚੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ’ਤੇ ਦਸਤਖ਼ਤ ਕਰਨ ਵਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਕਿਸਾਨੀ ਸੰਘਰਸ਼ ਦੇ ਦਬਾਅ ਕਾਰਨ ਕੇਂਦਰੀ ਮੰਤਰੀ ਪਦ ਤੋਂ ਅਸਤੀਫ਼ਾ ਦੇਣਾ ਪਿਆ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਦੇ ਝੰਬੇ ਨੌਜਵਾਨਾਂ ਨੂੰ ਵੀ ਇਸ ਘੋਲ ਵਿੱਚ ਆਸ ਦੀ ਕਿਰਨ ਦਿਖਾਈ ਦੇਣ ਲੱਗੀ ਹੈ। ਕਿਸਾਨ ਆਗੂ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਐਲਾਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਇਹ ਕਾਲੇ ਕਾਨੂੰਨ ਲਿਆਂਦਿਆਂ ਨੂੰ ਇੱਕ ਸਾਲ ਪੂਰਾ ਹੋਣ ’ਤੇ 5 ਜੂਨ ਨੂੰ ਪੂਰੇ ਭਾਰਤ ਵਿੱਚ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਆਗੂ ਨੇ ਕਿਹਾ ਕਿ ਇਸ ਅੰਦੋਲਨ ਨਾਲ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਸੂਬਿਆਂ ਨਾਲ ਭਾਈਚਾਰਕ ਸਾਂਝ ਪੱਕੀ ਹੋਈ ਹੈ ਅਤੇ ਇਹ ਲੰਮੇ ਸੰਘਰਸ਼ ਦੀ ਦੇਣ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਪ੍ਰੋਫੈਸਰ ਤੇ ਕੁਦਰਤੀ ਸੋਮਿਆਂ ਦੇ ਮਾਹਿਰ ਹਰਮਨਜੀਤ ਸਿੰਘ ਕੈਨੇਡਾ ਨੇ ਕਿਹਾ ਵਿਕਸਿਤ ਮੁਲਕਾਂ ਵੱਲੋਂ ਕੁਦਰਤੀ ਸਰੋਤਾਂ ਸਬੰਧੀ ਆਉਣ ਵਾਲੀਆਂ ਪੀੜ੍ਹੀਆਂ ਤੱਕ ਦਾ ਖ਼ਿਆਲ ਰੱਖਿਆ ਜਾਂਦਾ ਹੈ ਪਰ ਇਸ ਦੇ ਉਲਟ ਭਾਰਤ ਸਰਕਾਰ ਪੂੰਜੀਪਤੀਆਂ ਦੇ ਫਾਇਦੇ ਲਈ ਕੁਦਰਤੀ ਸਰੋਤਾਂ ਨੂੰ ਤਬਾਹ ਕਰ ਰਹੀ ਹੈ। ਦਰਬਾਰਾ ਸਿੰਘ ਛਾਜਲਾ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।