ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ’ਚੋਂ ਦਿੱਤੇ ਅਸਤੀਫ਼ੇ ਨੂੰ ਦੇਰ ਨਾਲ ਲਿਆ ਨਿਗੂਣਾ ਫੈਸਲਾ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸਤੀਫਾ ਦੇਣ ਦਾ ਫੈਸਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਜਾਂਦੇ ਡਰਾਮਿਆਂ ਦੀ ਕੜੀ ਦਾ ਹੀ ਹਿੱਸਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਬਿਲਾਂ ਦੇ ਨਾਂ ਉੱਤੇ ‘ਮਾਰੀ ਇਸ ਚਪੇੜ’ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਨੇ ਅਜੇ ਤਕ ਸੱਤਾਧਾਰੀ ਗੱਠਜੋੜ ਛੱਡਣ ਦਾ ਐਲਾਨ ਨਹੀਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਦਾ ਅਸਤੀਫ਼ਾ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਦੇ ਢਕਵੰਜ ਤੋਂ ਵੱਧ ਕੇ ਕੁਝ ਵੀ ਨਹੀਂ, ਪਰ ਉਹ (ਅਕਾਲੀ) ਕਿਸਾਨ ਜਥੇਬੰਦੀਆਂ ਨੂੰ ਗੁੰਮਰਾਹ ਕਰਨ ਵਿੱਚ ਸਫ਼ਲ ਨਹੀਂ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਦਾ ਅਸਤੀਫਾ ਦੇਰ ਨਾਲ ਲਿਆ ਨਿਗੂਣਾ ਫੈਸਲਾ ਹੈ, ਜਿਸ ਦਾ ਹੁਣ ਪੰਜਾਬ ਤੇ ਇਥੋਂ ਦੇ ਕਿਸਾਨਾਂ ਨੂੰ ਕੋਈ ਲਾਭ ਨਹੀਂ ਹੋਣਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੇਕਰ ਪਹਿਲਾਂ ਇਸ ਮਾਮਲੇ ’ਚ ਸਟੈਂਡ ਲੈ ਕੇ ਸੂਬਾ ਸਰਕਾਰ ਵੱਲੋਂ ਪੇਸ਼ ਆਰਡੀਨੈਂਸਾਂ ਦੀ ਹਮਾਇਤ ਕਰਦਾ ਤਾਂ ਸ਼ਾਇਦ ਅੱਜ ਹਾਲਾਤ ਕੁਝ ਹੋਰ ਹੁੰਦੇ ਤੇ ਕੇਂਦਰ ਸਰਕਾਰ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਪੇਸ਼ ਕਰਨ ਤੋਂ ਪਹਿਲਾਂ ਦਸ ਵਾਰ ਸੋਚਦੀ।