ਗਗਨਦੀਪ ਅਰੋੜਾ
ਲੁਧਿਆਣਾ, 8 ਅਪਰੈਲ
ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਸਰਪ੍ਰਸਤ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਇੱਥੇ ਸਰਕਟ ਹਾਊਸ ਵਿੱਚ ਹੋਈ। ਇਸ ਮੀਟਿੰਗ ਵਿੱਚ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਬਾਰੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਵਾਢੀ ਦੇ ਸੀਜ਼ਨ ਦੌਰਾਨ ਕਈ ਕਿਸਾਨ ਆਪਣੇ ਪਿੰਡਾਂ ਨੂੰ ਮੁੜ ਆਏ ਹਨ। ਇਸ ਕਾਰਨ ਦਿੱਲੀ ਦੀਆਂ ਹੱਦਾਂ ’ਤੇ ਸੰਘਰਸ਼ ਪਹਿਲਾਂ ਨਾਲੋਂ ਥੋੜ੍ਹਾ ਮੱਠਾ ਪੈ ਗਿਆ ਹੈ, ਜਿਸ ਨੂੰ ਮਜ਼ਬੂਤ ਕਰਨ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਵਿਧਾਇਕ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਲੋਕ ਇਨਸਾਫ਼ ਪਾਰਟੀ ਦੇ ਅਹੁਦੇਦਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨੀ ਝੰਡੇ ਹੇਠ ਜ਼ਿਲ੍ਹਾ ਪੱਧਰ ’ਤੇ ਆਪਣੇ ਨਾਲ ਵੱਡੇ ਜਥੇ ਲੈ ਕੇ ਦਿੱਲੀ ਦੀਆਂ ਹੱਦਾਂ ’ਤੇ ਜਾਣਗੇ ਅਤੇ ਇਹ ਸਿਲਸਿਲਾ ਕਿਸਾਨਾਂ ਦੇ ਵਾਢੀ ਤੋਂ ਵਿਹਲੇ ਹੋਣ ਤਕ ਨਿਰੰਤਰ ਜਾਰੀ ਰਹੇਗਾ।
ਸ੍ਰੀ ਬੈਂਸ ਨੇ ਆਖਿਆ ਕਿ ਇਹ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਪੰਜਾਬ ਦੀ ਹੋਂਦ ਦੀ ਲੜਾਈ ਹੈ ਅਤੇ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਦਾ ਅਸਰ ਆਮ ਲੋਕਾਂ ’ਤੇ ਵੀ ਪੈਣਾ ਹੈ, ਇਸ ਲਈ ਕਿਸਾਨ ਅੰਦੋਲਨ ਵਿੱਚ ਜਾਣਾ ਧਾਰਮਿਕ ਯਾਤਰਾ ’ਤੇ ਜਾਣ ਦੇ ਬਰਾਬਰ ਹੈ। ਇਸ ਲਈ ਸਾਰਿਆਂ ਨੂੰ ਉੱਥੇ ਜਾ ਕੇ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਕੋਰ ਕਮੇਟੀ ਦੇ ਮੈਂਬਰਾਂ ਨੇ ਆਪੋ-ਆਪਣੇ ਜ਼ਿਲ੍ਹੇ ਵਿੱਚੋਂ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਵੱਡੇ ਜਥੇ ਭੇਜਣ ਦਾ ਵਿਸ਼ਵਾਸ ਦਿਵਾਇਆ।