ਆਤਿਸ਼ ਗੁਪਤਾ
ਚੰਡੀਗੜ੍ਹ, 11 ਮਈ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ ਦਿੱਲੀ ਵੱਲ ਵਹੀਰਾਂ ਘੱਤ ਲਈਆਂ ਹਨ। ਇੱਥੋਂ ਰੋਜ਼ਾਨਾ ਹਜ਼ਾਰਾਂ ਕਿਸਾਨ ਦਿੱਲੀ ਮੋਰਚੇ ਵਿੱਚ ਪਹੁੰਚ ਕਰ ਰਹੇ ਹਨ। ਕਿਸਾਨ ਔਰਤਾਂ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਤਾਲਾਬੰਦੀ ਦੇ ਬਾਵਜੂਦ ਸੂਬੇ ਵਿੱਚ ਮੁਜ਼ਾਹਰੇ ਕਰ ਰਹੀਆਂ ਹਨ। ਸੂਬੇ ਵਿੱਚ ਟੌਲ ਪਲਾਜ਼ਿਆਂ, ਪੈਟਰੋਲ ਪੰਪਾਂ, ਕਾਰਪੋਰੇਟ ਘਰਾਣਿਆਂ ਦੇ ਅਦਾਰਿਆਂ, ਰੇਲਵੇ ਪਾਰਕਾਂ, ਗਠਜੋੜ ਸਰਕਾਰ ਦੇ ਆਗੂਆਂ ਦੇ ਘਰਾਂ ਅਤੇ ਦਫ਼ਤਰਾਂ ਸਣੇ 90 ਦੇ ਕਰੀਬ ਥਾਵਾਂ ’ਤੇ ਧਰਨੇ ਪ੍ਰਦਰਸ਼ਨ ਜਾਰੀ ਹਨ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਖੇਤੀ ਕਾਨੂੰਨ ਰੱਦ ਹੋਣ ਅਤੇ ਐੱਮਐੱਸਪੀ ’ਤੇ ਫ਼ਸਲਾਂ ਦੀ ਖ਼ਰੀਦ ਦਾ ਕਾਨੂੰਨ ਬਣਨ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਸੂਬੇ ਵਿੱਚ ਗਠਜੋੜ ਸਰਕਾਰ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਸਬੰਧੀ ਦਿੱਤੇ ਸੱਦੇ ’ਤੇ ਕਿਸਾਨਾਂ ਵੱਲੋਂ ਭਾਜਪਾ ਅਤੇ ਜੇਜੇਪੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਪਿੰਡਾਂ ਅਤੇ ਸ਼ਹਿਰ ਵਿੱਚ ਥਾਂ-ਥਾਂ ’ਤੇ ਗਠਜੋੜ ਸਰਕਾਰ ਦੇ ਆਗੂਆਂ ਦੇ ਸਮਾਜਿਕ ਬਾਈਕਾਟ ਦੇ ਪੋਸਟਰ ਅਤੇ ਬੋਰਡ ਲਗਾ ਦਿੱਤੇ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਭਾਜਪਾ ਜਾਂ ਜੇਜੇਪੀ ਦਾ ਆਗੂ ਪਿੰਡ ਵਿੱਚ ਆਉਂਦਾ ਹੈ ਤਾਂ ਉਸ ਦੇ ਸੱਟ ਲੱਗਣ ਦਾ ਜ਼ਿੰਮੇਵਾਰ ਉਹ ਖ਼ੁਦ ਹੋਵੇਗਾ।
ਖੱਟਕੜ ਟੌਲ ਪਲਾਜ਼ਾ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਆਜ਼ਾਦ ਪਲਵਾ ਨੇ ਕਿਹਾ ਕਿ ਕੇਂਦਰ ਸਰਕਾਰ ਸਮੇਂ-ਸਮੇਂ ’ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਪੈਂਤੜੇ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਕਰੋਨਾਵਾਇਰਸ ਦੀ ਓਟ ਹੇਠ ਕਿਸਾਨਾਂ ਨੂੰ ਘਰਾਂ ਵਿੱਚ ਬਿਠਾਉਣਾ ਚਾਹੁੰਦੀ ਹੈ ਪਰ ਕਿਸਾਨ ਘਰਾਂ ਵਿੱਚ ਨਹੀਂ, ਧਰਨਿਆਂ ਵਿੱਚ ਬੈਠਣਗੇ। ਸ੍ਰੀ ਪਲਵਾ ਨੇ ਕਿਹਾ ਕਿ ਕਿਸਾਨ ਧਰਨਿਆਂ ਵਿੱਚ ਕਿਸਾਨਾਂ ਦੇ ਕਰੋਨਾ ਰੋਕੂ ਟੀਕਾਕਰਣ ਕਰਵਾਇਆ ਜਾ ਰਿਹਾ ਹੈ। ਕਿਸਾਨ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੀ ਘਰ ਵਾਪਸੀ ਕਰੇਗਾ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਬੈਂਸ ਨੇ ਕਿਹਾ ਕਿ ਭਾਜਪਾ ਨੂੰ ਪੰਜ ਸੂਬਿਆਂ ਅਤੇ ਉੱਤਰ ਪ੍ਰਦੇਸ਼ ਦੀ ਪੰਚਾਇਤੀ ਚੋਣਾਂ ਤੋਂ ਸਮਝ ਜਾਣਾ ਚਾਹੀਦਾ ਹੈ ਕਿ ਲੋਕਾਂ ਦੇ ਮਨਾਂ ਵਿੱਚ ਭਾਜਪਾ ਲਈ ਗੁੱਸਾ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਵਿੱਚ ਡੇਰੇ ਲਗਾਉਣ ਦੀ ਤਿਆਰੀ ਕਰ ਲਈ ਹੈ। ਸ੍ਰੀ ਬੈਂਸ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।