ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ਦਾ ਮਾਮਲਾ ਭਖ਼ਿਆ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਜੂਨ
ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿੱਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ਦਾ ਸਿੱਖ ਸੰਗਤ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀਡੀਓ ਸੁਨੇਹੇ ਰਾਹੀਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਇਹ ਕਾਰਵਾਈ ਸਿੱਖ ਇਤਿਹਾਸ ਨੂੰ ਰਲਗੱਡ ਕਰਨ ਦਾ ਯਤਨ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਦੇ ਇੱਕ ਮਹਾਨ ਯੋਧਾ ਹਨ, ਜਿਨ੍ਹਾਂ ਦੀ ਪਛਾਣ ਨੂੰ ਬਦਲਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਉਹ ਸਰਕਾਰ ਕੋਲ ਆਪਣਾ ਇਤਰਾਜ਼ ਦਰਜ ਕਰਾਉਣ। ਉਨ੍ਹਾਂ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਦਿੱਤਾ ਕਿ ਉਹ ਇਸ ਮਾਮਲੇ ਵਿੱਚ ਹਰਿਆਣਾ ਸਰਕਾਰ ਖ਼ਿਲਾਫ਼ ਢੁੱਕਵੀਂ ਕਾਰਵਾਈ ਕਰੇ ਅਤੇ ਇਤਿਹਾਸ ਨੂੰ ਰਲਗੱਡ ਕਰਨ ਦੇ ਇਸ ਯਤਨ ਨੂੰ ਰੋਕੇ। ਉਧਰ, ਸ਼੍ੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਬੈਰਾਗੀ ਬਾਣਾ ਤਿਆਗ ਕੇ ਗੁਰੂ ਗੋਬਿੰਦ ਸਿੰਘ ਦੇ ਸਿੱਖ ਬਣੇ ਸਨ ਅਤੇ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਕਹਿਣਾ ਇਤਿਹਾਸਕ ਸਚਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਦਾ ਹੈ। ਅਜਿਹਾ ਸਾਜ਼ਿਸ਼ ਤਹਿਤ ਸਿੱਖਾਂ ਦੀ ਮੌਲਿਕਤਾ ਅਤੇ ਵੱਖਰੀ ਪਛਾਣ ਨੂੰ ਖੰਡਤ ਕਰਨ ਲਈ ਜਾਣਬੁਝ ਕੇ ਕੀਤਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸਿੱਖ ਇਤਿਹਾਸ ਨੂੰ ਵਿਗਾੜਨ ਵਾਲੀਆਂ ਹਰਕਤਾਂ ਤੋਂ ਬਾਜ਼ ਆਵੇ।