ਹਰਿਆਣਾ ਸਰਕਾਰ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਰਾਹਤ
33 ਫ਼ੀਸਦ ਤੋਂ ਵੱਧ ਫ਼ਸਲ ਖ਼ਰਾਬ ਹੋਣ ਵਾਲੇ ਕਿਸਾਨਾਂ ਦੀ ਕਰਜ਼ਾ ਵਸੂਲੀ ਮੁਲਤਵੀ
ਹਰਿਆਣਾ ਸਰਕਾਰ ਨੇ ਭਾਰੀ ਮੀਂਹ ਤੇ ਹੜ੍ਹਾਂ ਤੋਂ ਪੀੜਤ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕਿਸਾਨਾਂ ਦੀ ਫ਼ਸਲੀ ਕਰਜ਼ਾ ਵਸੂਲੀ ਮੁਲਤਵੀ ਕਰ ਦਿੱਤੀ ਹੈ। ਇਸ ਗੱਲ ਦਾ ਪ੍ਰਗਟਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਸਥਿਤ ਹਰਿਆਣਾ ਭਵਨ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਿਨ੍ਹਾਂ ਕਿਸਾਨਾਂ ਦਾ ਹੜ੍ਹਾਂ ਕਰ ਕੇ 33 ਫ਼ੀਸਦ ਤੋਂ ਵੱਧ ਫ਼ਸਲ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਕਿਸਾਨਾਂ ਨੂੰ ਸਹਿਕਾਰੀ ਕਮੇਟੀਆਂ ਦੇ ਚਾਲੂ ਫ਼ਸਲੀ ਕਰਜ਼ੇ ਦੀ ਵਸੂਲੀ ਮੁਲਤਵੀ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਅਜਿਹੇ ਕਿਸਾਨਾਂ ਨੂੰ ਅਗਲੀ ਫ਼ਸਲ ਲਈ ਨਵਾਂ ਫ਼ਸਲੀ ਕਰਜ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਤਿੰਨ ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਮਿਲੇਗਾ। ਸ੍ਰੀ ਸੈਣੀ ਨੇ ਮੀਂਹ ਤੇ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨਾਂ ਦੇ ਬਿਜਲੀ ਬਿੱਲਾਂ ਦਾ ਭੁਗਤਾਨ ਵੀ ਦਸੰਬਰ ਤੱਕ ਮੁਲਤਵੀ ਕਰਨ ਦੇ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰੀ ਮੀਂਹ ਤੇ ਹੜ੍ਹਾਂ ਕਰ ਕੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲੋਕਾਂ ਦੇ ਘਰ, ਘਰੇਲੂ ਸਾਮਾਨ ਅਤੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ। ਇਸ ਲਈ ਸੂਬਾ ਸਰਕਾਰ ਵੱਲੋਂ 2,386 ਪੀੜਤ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ 4.72 ਕਰੋੜ ਰੁਪਏ ਸਿੱਧੇ ਟਰਾਂਸਫਰ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੇ 15 ਸਤੰਬਰ ਤੱਕ ਈ-ਸ਼ਤੀਪੂਰਤੀ ਪੋਰਟਲ ਖੋਲ੍ਹਿਆ ਸੀ। ਇਸ ’ਤੇ ਸੂਬੇ ਦੇ 6,397 ਪਿੰਡਾਂ ਦੇ 5 ਲੱਖ 37 ਹਜ਼ਾਰ ਕਿਸਾਨਾਂ ਨੇ 31 ਲੱਖ ਏਕੜ ਖੇਤਰ ਦੀ ਰਜਿਸਟ੍ਰੇਸ਼ਨ ਕਰਵਾਈ ਹੈ। ਇਨ੍ਹਾਂ ਵਿਅਕਤੀਆਂ ਦਾ ਸਰਵੇਖਣ ਕਰਨ ਉਪਰੰਤ ਕਿਸਾਨਾਂ ਨੂੰ 15-15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ।