ਆਤਿਸ਼ ਗੁਪਤਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਬਾਸਕਟਬਾਲ ਖਿਡਾਰੀ ਦੀ ਪ੍ਰੈਕਟਿਸ ਦੌਰਾਨ ਬਾਸਕਟਬਾਲ ਪੋਲ ਡਿੱਗਣ ਕਰਕੇ ਮੌਤ ਲਈ ਹਰਿਆਣਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮੁੱਖ ਮੰਤਰੀ ਨੇ ਅੱਜ ਰੋਹਤਕ ਦੇ ਪਿੰਡ ਲਾਖਣਮਾਜਰਾ ਵਿਖੇ 16 ਸਾਲਾ ਕੌਮੀ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਘਟਨਾ ਨਾਲ ਪੂਰਾ ਖੇਡ ਜਗਤ ਸਦਮੇ ਵਿੱਚ ਹੈ। ਸ੍ਰੀ ਮਾਨ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਬਾਸਕਟਬਾਲ ਕੋਰਟ ਦੀ ਖਸਤਾ ਹਾਲਤ ਬਾਰੇ ਕਈ ਵਾਰ ਸ਼ਿਕਾਇਤਾਂ ਵੀ ਦਿੱਤੀਆਂ ਸਨ ਪਰ ਕਿਸੇ ਨੇ ਧਿਆਨ ਨਹੀਂ ਦਿੱਤਾ। ਹਰਿਆਣਾ ਸਰਕਾਰ ਨੂੰ ਇਸ ਲਈ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਉਨ੍ਹਾਂ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਹਾਦਸੇ ਨੇ ਹਰਿਆਣਾ ਵਿੱਚ ਖਸਤਾ ਹਾਲ ਖੇਡ ਢਾਂਚੇ ਦੀ ਪੋਲ ਖੋਲ੍ਹ ਦਿੱਤੀ ਹੈ।
ਇਸ ਬਾਰੇ ਕੇਂਦਰ ਸਰਕਾਰ ਨੂੰ ਨੋਟਿਸ ਲੈਣਾ ਚਾਹੀਦਾ ਹੈ ਅਤੇ ਹਰਿਆਣਾ ਸਮੇਤ ਦੇਸ਼ ਦੇ ਸਾਰੇ ਖੇਡ ਮੈਦਾਨਾਂ ਦੀ ਜਾਂਚ ਕਰਾਉਣੀ ਚਾਹੀਦੀ ਹੈ। ਇਕ ਪਾਸੇ ਸਾਲ 2030 ਵਿੱਚ ਭਾਰਤ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰ ਰਿਹਾ ਹੈ ਜਦਕਿ ਦੂਜੇ ਪਾਸੇ ਮਾੜੇ ਖੇਡ ਢਾਂਚੇ ਕਾਰਨ ਖੇਡ ਜਗਤ ਦੇ ਹੀਰੇ ਗੁਆ ਰਹੇ ਹਾਂ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪਿੰਡ ਦੇ 47 ਤੋਂ ਵੱਧ ਖਿਡਾਰੀ ਕੌਮੀ ਜਾਂ ਕੌਮਾਂਤਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਹਰਿਆਣਾ ਸਰਕਾਰ ਨੇ ਇਸ ਪਿੰਡ ਦੇ ਖੇਡ ਮੈਦਾਨ ਵਿੱਚ ਕੋਈ ਸਹੂਲਤ ਨਹੀਂ ਦਿੱਤੀ।

