ਪ੍ਰਭੂ ਦਿਆਲ
ਸਿਰਸਾ, 21 ਸਤੰਬਰ
ਸੁਪਰੀਮ ਕਰੋਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਬਰਕਰਾਰ ਰੱਖੇ ਜਾਣ ਦੇ ਸੁਣਾਏ ਗਏ ਫ਼ੈਸਲੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਸਿਰਸਾ ਸਥਿਤ ਗੁਰਦੁਆਰਾ ਦਸਵੀਂ ਪਾਤਸ਼ਾਹੀ ਦੀ ਸਾਂਭ ਸੰਭਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੈ ਲਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਦੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਦੀ ਸੇਵਾ ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ। ਇੱਥੋਂ ਦੇ ਗੁਰਦੁਆਰਿਆਂ ’ਚ ਕੰਮ ਕਰਦੇ ਕਿਸੇ ਵੀ ਮੁਲਾਜ਼ਮ ਨੂੰ ਹਟਾਇਆ ਨਹੀਂ ਜਾਵੇਗਾ। ਸਾਰਿਆਂ ਨੂੰ ਨਾਲ ਲੈ ਕੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਦਾ ਕੰਮ ਕੀਤਾ ਜਾਵੇਗਾ। ਇਸ ਮੌਕੇ ਗੁਰਦੁਆਰਾ ਦਸਵੀਂ ਪਾਤਸ਼ਾਹੀ ਦੀ ਕਮੇਟੀ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸਾਹੂਵਾਲਾ ਵੀ ਹਾਜ਼ਰ ਸਨ।
ਧੱਕੇਸ਼ਾਹੀ ਕੀਤੀ ਤਾਂ ਹਰਿਆਣਾ ਸਰਕਾਰ ਜ਼ਿੰਮੇਵਾਰ ਹੋਵੇਗੀ: ਧਾਮੀ
ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਲੈਣ ਲਈ ਕੋਈ ਕਬਜ਼ੇ ਦੀ ਨੀਤੀ ਅਪਣਾਈ ਗਈ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸ ਦੀ ਜ਼ਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ। ਉਨ੍ਹਾਂ ਆਖਿਆ ਕੇ ਬੀਤੇ ਦਿਨ ਸੁਪਰੀਮ ਕੋਰਟ ਨੇ ਜੋ ਫੈਸਲਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਵਿੱਚ ਦਿੱਤਾ ਹੈ, ਇਸ ਦਾ ਮਤਲਬ ਇਹ ਨਹੀਂ ਕਿ ਇਸ ਤੋਂ ਬਾਅਦ ਕੋਈ ਕਾਨੂੰਨੀ ਚਾਰਾਜੋਈ ਬਾਕੀ ਨਹੀਂ ਰਹਿ ਜਾਂਦੀ। ਇਸ ਮਾਮਲੇ ’ਚ ਅਜੇ ਕਾਨੂੰਨੀ ਬਦਲ ਮੌਜੂਦ ਹਨ, ਜਿਸ ਤਹਿਤ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਪਾਉਣ ਜਾ ਰਹੀ ਹੈ ਅਤੇ ਕਾਨੂੰਨੀ ਮਾਹਿਰਾਂ ਨਾਲ ਵਿਚਾਰ ਵਟਾਂਦਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਜ਼ੋਰ ਨਾਲ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ’ਤੇ ਕਬਜ਼ਿਆਂ ਦੀ ਨੀਤੀ ਠੀਕ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਗਈ ਪਰ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਨੇ ਮਿਲਣਾ ਜ਼ਰੂਰੀ ਨਹੀਂ ਸਮਝਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਨੂੰ ਤੋੜਨ, ਵੰਡਣ ਅਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਵਾਲੀ ਅਜਿਹੀ ਕਿਸੇ ਵੀ ਚਾਲ ਨੂੰ ਸਫ਼ਲ ਨਹੀਂ ਹੋਣ ਦੇਵੇਗੀ।