ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਅਪਰੈਲ
ਹਵਾਰਾ ਕਮੇਟੀ ਨੇ ਕੇਂਦਰ ਸਰਕਾਰ ਤੋਂ ਗੁਰੂ ਤੇਗ਼ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਬੁਲਾਰੇ ਪ੍ਰੋ. ਬਲਜਿੰਦਰ ਸਿੰਘ ਨੇ ਆਖਿਆ ਕਿ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਨੇ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਤਕ ਸਿਰਫ਼ ਭਾਈ ਲਾਲ ਸਿੰਘ ਨੂੰ ਹੀ ਰਿਹਾਅ ਕੀਤਾ ਗਿਆ ਹੈ, ਜਦਕਿ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ, ਗੁਰਦੀਪ ਸਿੰਘ ਖੇੜਾ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਸਿੰਘ, ਹਰਨੇਕ ਸਿੰਘ ਨੂੰ ਅਜੇ ਤਕ ਰਿਹਾਅ ਨਹੀਂ ਕੀਤਾ ਗਿਆ। ਉਨ੍ਹਾਂ ਅਪੀਲ ਕੀਤੀ ਕਿ ਹੁਣ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਇਨ੍ਹਾਂ ਬੰਦੀ ਸਿੱਖਾਂ ਨੂੰ ਰਿਹਾਅ ਕੀਤਾ ਜਾਵੇ।
ਉਨ੍ਹਾਂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਕਾਰਪੋਰੇਟ ਘਰਾਣਿਆਂ ਕੋਲ ਵੇਚਣਾ ਚਾਹੁੰਦੀ ਹੈ, ਜੋ ਮਨੁੱਖਤਾ ਦਾ ਘਾਣ ਕਰਨ ਵਾਲੀ ਗੱਲ ਹੈ। ਹਵਾਰਾ ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾਵੇ। ਇਸ ਮੌਕੇ ਪੰਜ ਪਿਆਰਿਆਂ ਵਿੱਚੋਂ ਭਾਈ ਸਤਨਾਮ ਸਿੰਘ ਝੰਜੀਆਂ, ਮਹਾਂਬੀਰ ਸਿੰਘ ਸੁਲਤਾਨਵਿੰਡ, ਸੁਖਰਾਜ ਸਿੰਘ ਵੇਰਕਾ ਤੇ ਜਸਪਾਲ ਸਿੰਘ ਪੁਤਲੀਘਰ ਹਾਜ਼ਰ ਸਨ।