ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਮਈ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੇ ਪੰਜਾਬੀਆਂ ਨਾਲ ਕੀਤੇ ਵਾਅਦਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਹਟਾਉਣ ਲਈ ਸਿਹਤ ਮੰਤਰੀ ਨੂੰ ਬਰਖਾਸਤ ਕਰਨ ਦੀ ਥਾਂ ਪਾਰਟੀ ਦੀਆਂ ਟਿਕਟਾਂ ਵੇਚਣ ਤੇ ਵਪਾਰੀਆਂ ਵੱਲੋਂ ਰਾਜ ਸਭਾ ਮੈਂਬਰ ਬਣਨ ਲਈ ਕਰੋੜਾਂ ਰੁਪਏ ਖਰਚਣ ਦੇ ਮਾਮਲੇ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ।
ਪਾਰਟੀ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ‘ਆਪ’ ਪੰਜਾਬ ਵਿੱਚ ਸਰਕਾਰ ਈਵੈਂਟ ਮੈਨੇਜਮੈਂਟ ਵਜੋਂ ਚਲਾ ਰਹੀ ਹੈ। ਜਦੋਂ ਵੀ ਮਾਰ ਪੈਂਦੀ ਹੈ ਤਾਂ ‘ਆਪ’ ਧਿਆਨ ਵੰਡਾਊ ਹਰਕਤ ਸ਼ੁਰੂ ਕਰ ਦਿੰਦੀ ਹੈ। ਇਸ ਵਾਰ ਵੀ ‘ਆਪ’ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਧਿਆਨ ਭਟਕਾਉਣ ਲਈ ਸਿਹਤ ਮੰਤਰੀ ਨੂੰ ਬਰਖ਼ਾਸਤ ਕੀਤਾ ਹੈ। ਸ੍ਰੀ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਰਾਜ ਸਭਾ ਦੀ ਹਰੇਕ ਟਿਕਟ 30 ਕਰੋੜ ਰੁਪਏ ਵਿੱਚ ਵਪਾਰੀਆਂ ਨੂੰ ਵੇਚੇ ਜਾਣ ਦੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੇ ਹੁਕਮ ਦੇਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ।