ਸਿਹਤ ਮੰਤਰੀ ਵੱਲੋਂ ਡੇਂਗੂ ’ਤੇ ਵਾਰ ਮੁਹਿੰਮ ਦਾ ਆਗਾਜ਼
ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ (ਮੁਹਾਲੀ), 4 ਜੁਲਾਈ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੇਂਡੂ ਸਿਹਤ ਕਮੇਟੀਆਂ ਨੂੰ ਡੇਂਗੂ ਅਤੇ ਮੌਸਮੀ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਅੱਜ ਮੁਹਾਲੀ ਨੇੜਲੇ ਪਿੰਡ ਬੜਮਾਜਰਾ ’ਚ ਪੇਂਡੂ ਸਿਹਤ ਕਮੇਟੀਆਂ ਲਈ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਸੂਬਾ ਪੱਧਰੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਘਰ-ਘਰ ਜਾ ਕੇ ਖ਼ੁਦ ਵੀ ਡੇਂਗੂ ਦਾ ਲਾਰਵਾ ਚੈੱਕ ਕੀਤਾ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਜਾਗਰੂਕ ਕੀਤਾ।
ਉਨ੍ਹਾਂ ਕਿਹਾ ਕਿ ਪੇਂਡੂ ਸਿਹਤ ਕਮੇਟੀਆਂ ਨੂੰ ਆਪੋ ਆਪਣੇ ਪਿੰਡਾਂ ਵਿੱਚ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਤੋਂ ਲੋਕਾਂ ਨੂੰ ਬਚਾਉਣ ਲਈ ਜਾਗਰੂਕ ਕਰਦਿਆਂ ਕਮਾਨ ਸੰਭਾਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਜਿਸ ਨੂੰ ਨਸ਼ਟ ਕਰਨ ਲਈ ਹਫਤੇ ’ਚ ਇਕ ਦਿਨ ਖੜ੍ਹੇ ਪਾਣੀ ਨੂੰ ਖਾਲੀ ਕਰਨਾ ਹੀ ਕਾਫੀ ਹੈ। ਪਿੰਡ ਪੱਧਰ ਦੀਆਂ ਸਿਹਤ ਕਮੇਟੀਆਂ ਵਿਚ ਪਿੰਡ ਦੀ ਪੰਚਾਇਤ, ਸਕੂਲਾਂ ਦੇ ਅਧਿਆਪਕ, ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰ ਸ਼ਾਮਲ ਹੁੰਦੇ ਹਨ, ਜਿਨ੍ਹਾਂ ਦਾ ਇੱਕੋ ਇੱਕ ਨਿਸ਼ਾਨਾ ਪਿੰਡ ਦੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਖੁਦ ਵੀ ਹਰ ਸ਼ੁੱਕਰਵਾਰ ਪਿੰਡ ਦੇ ਹਰ ਘਰ ਜਾ ਕੇ ਲੋਕਾਂ ਨੂੰ ਇਸ ਕੰਮ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਬੜਮਾਜਰਾ ਦੀ ਸਿਹਤ ਕਮੇਟੀ ਨਾਲ ਮੀਟਿੰਗ ਕੀਤੀ ਅਤੇ ਸਕੂਲੀ ਵਿਦਿਆਰਥੀਆਂ ਨਾਲ ਵੀ ਸੰਵਾਦ ਰਚਾਇਆ।