ਸਿਹਤ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
ਕੈਬਨਿਟ ਮੰਤਰੀਆਂ ਵੱਲੋਂ ਜ਼ਮੀਨੀ ਪੱਧਰ ’ਤੇ ਪਹੁੰਚ ਕਰ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਜਾ ਰਿਹਾ ਅਤੇ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਨੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਦਾ ਦੌਰਾ ਕਰਨ ਪਹੁੰਚੇ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਕਰੀਬਨ 450 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਮਾਹਿਰ ਡਾਕਟਰਾਂ ਤੋਂ ਇਲਾਵਾ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ’ਤੇ ਉਨ੍ਹਾਂ ਨਾਲ ਵਿਧਾਇਕ ਰਣਬੀਰ ਸਿੰਘ ਭੁੱਲਰ, ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਅਤੇ ਵਿਧਾਇਕ ਫੌਜਾ ਸਿੰਘ ਸਰਾਰੀ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਦੇ ਸੰਕਟ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਰਾਹਤ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਫ਼ਿਰੋਜ਼ਪੁਰ ਵਿਖੇ ਪਹੁੰਚੇ ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਪੂਰਥਲਾ ਜ਼ਿਲ੍ਹੇ ਤੋਂ ਸ਼ੁਰੂ ਕੀਤਾ ਗਿਆ ਸੀ ਜੋ ਕਿ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ, ਜਿੱਥੇ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ, ਪਾਣੀ, ਪਸ਼ੂਆਂ ਲਈ ਚਾਰਾ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ। ਹੜ੍ਹਾਂ ਦੌਰਾਨ ਹੋਏ ਖ਼ਰਾਬੇ ਦੇ ਪੱਕੇ ਹਲ ਦੇ ਲਈ ਰੂਪ ਰੇਖਾ ਤਿਆਰ ਕੀਤੀ ਗਈ ਹੈ ਤਾਂ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 172 ਐਂਬੂਲੈਂਸਾਂ ਨੂੰ ਕਾਰਜਸ਼ੀਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਵਿਭਾਗ ਵਿੱਚ 400 ਨਰਸਾਂ ਦੀ ਭਰਤੀ ਲਈ ਵੀ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ ਅਤੇ 550 ਨਰਸਾਂ ਦੀ ਹੋਰ ਭਰਤੀ ਕੀਤੀ ਜਾਵੇਗੀ। 1000 ਡਾਕਟਰਾਂ ਦੀ ਭਰਤੀ ਪ੍ਰਕਿਰਿਆ ਵੀ ਲਗਭਗ ਮੁਕੰਮਲ ਹੋ ਚੁੱਕੀ ਹੈ। ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀਜ਼ ਦੇ ਵਿੱਚ 24 ਘੰਟੇ ਸਰਵਿਸ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ, ਸਿਮਰਨਜੀਤ ਸਿੰਘ ਪੀ.ਸੀ.ਐਸ. ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।