ਸਿਹਤ ਮੰਤਰੀ ਕਰਨਗੇ ਹੜ੍ਹ ਪੀੜਤਾਂ ਦੀ ਵਿੱਤੀ ਮਦਦ
ਦਲਬੀਰ ਸੱਖੋਵਾਲੀਆ/ਕੇ.ਪੀ ਸਿੰਘ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਆਪਣੇ ਵੱਲੋਂ ਇੱਕ ਹੜ੍ਹ ਪੀੜਤ ਕਿਸਾਨ ਅਤੇ ਇੱਕ ਮਜ਼ਦੂਰ ਦੇ ਪਰਿਵਾਰ ਦੀ ਇੱਕ-ਇੱਕ ਲੱਖ ਰੁਪਏ ਦੀ ਮਾਲੀ ਸਹਾਇਤਾ ਕਰਨਗੇ। ਇਸ ਤੋਂ ਇਲਾਵਾ ਸਰਕਾਰ ਦੇ ਫ਼ੈਸਲੇ ਅਨੁਸਾਰ ਉਹ ਆਪਣੀ ਮਹੀਨੇ ਦੀ ਤਨਖ਼ਾਹ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਦੇਣਗੇ। ਉਨ੍ਹਾਂ ਪਰਵਾਸੀ ਭਾਰਤੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ। ਇਸ ਮੌਕੇ ਉਨ੍ਹਾਂ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿੱਚ ਪ੍ਰਸ਼ਾਸਨ ਵੱਲੋਂ ਲਗਾਏ ਰਾਹਤ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ। ਸਰਕਾਰ ਵੱਲੋਂ ਲੋੜਵੰਦਾਂ ਤੱਕ ਖਾਣ-ਪੀਣ ਦੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੱਡਾ ਸਹਿਯੋਗ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਹੜ੍ਹ ਦੇ ਪਾਣੀ ਨਾਲ ਡੇਂਗੂ, ਮਲੇਰੀਆ ਤੇ ਪੇਚਿਸ਼ ਆਦਿ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਲੋੜੀਂਦੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਕੋਲੋਂ 100 ਐਂਬੂਲੈਂਸਾਂ ਤੇ ਨਾਲ ਪੈਰਾ ਮੈਡੀਕਲ ਸਟਾਫ਼ ਦੀ ਮੰਗ ਕੀਤੀ ਹੈ ਜੋ ਜਲਦੀ ਹੀ ਪਹੁੰਚ ਜਾਣਗੀਆਂ। ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਦਾ ਦੌਰਾ ਵੀ ਕੀਤਾ।