ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 14 ਜੁਲਾਈ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਹੜ੍ਹ ਪੀੜਤਾਂ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਫ਼ਤਹਿਗੜ੍ਹ ਸਾਹਿਬ ਵਿੱਚ ਇੱਕ ਐਂਬੂਲੈਸ ’ਤੇ ਪੰਜ ਲੱਖ ਰੁਪਏ ਦਿੱਤੇ ਜਾਣਗੇ। ਅੱਜ ਇੱਥੇ ਸਿਵਲ ਹਸਪਤਾਲ ਵਿੱਚ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਮਿਆਰੀ ਸਿਹਤ ਸਹੂਲਤਾਂ ਦੇਣ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹਮੇਸ਼ਾ ਤੋਂ ਹੀ ਲੋੜਵੰਦਾਂ ਦੀ ਮਦਦ ਕਰਨ ਲਈ ਜਾਣੇ ਜਾਂਦੇ ਰਹੇ ਹਨ ਤੇ ਅੱਜ ਹੜ੍ਹ ਪੀੜਤਾਂ ਦੀ ਮਦਦ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।