ਹਰਿਆਣਾ ਵਿੱਚ ਆਪਣੀਆਂ ਮੰਗਾਂ ਮਨਵਾਉਣ ਲਈ ਡਾਕਟਰਾਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ। ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਐੱਚ ਸੀ ਐੱਮ ਐੱਸ ਏ) ਦੇ ਤਿੰਨ ਹਜ਼ਾਰ ਦੇ ਕਰੀਬ ਮੈਂਬਰਾਂ ਨੇ ਸਾਰਾ ਦਿਨ ਕੰਪਕਾਜ ਠੱਪ ਕਰ ਕੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੁਜ਼ਾਹਰੇ ਕੀਤੇ। ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਲੋਕ ਦਵਾਈ ਲਏ ਬਿਨਾਂ ਪਰਤ ਰਹੇ ਹਨ। ਦੂਜੇ ਪਾਸੇ ਸੂਬਾ ਸਰਕਾਰ ਨੇ ਹਸਪਤਾਲਾਂ ਵਿੱਚ ਲੋਕਾਂ ਨੂੰ ਸਿਹਤ ਸਹੁੂਲਤਾਂ ਪਹਿਲਾਂ ਵਾਂਗ ਬਿਨਾਂ ਕਿਸੇ ਰੁਕਾਵਟ ਤੋਂ ਦੇਣ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਕਈ ਥਾਵਾਂ ’ਤੇ ਸੂਬਾ ਸਰਕਾਰ ਦੇ ਆਗੂਆਂ ਵੱਲੋਂ ਵੀ ਹਸਪਤਾਲਾਂ ਦਾ ਦੌਰਾ ਕਰ ਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।
ਜਾਣਕਾਰੀ ਅਨੁਸਾਰ ਅੱਜ ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਐੱਚ ਸੀ ਐੱਮ ਐੱਸ ਏ) ਦੇ ਆਗੂਆਂ ਵੱਲੋਂ ਪੰਚਕੂਲਾ ਵਿੱਚ ਡਾਇਰੈਕਟਰ ਜਨਰਲ ਸਿਹਤ ਦੇ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਪੁਲੀਸ ਨੇ ਜਦੋਂ ਡਾਕਟਰਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਤਾਂ ਤਣਾਅ ਵਾਲਾ ਮਾਹੌਲ ਬਣ ਗਿਆ।
ਇਸ ਮਗਰੋਂ ਹਰਿਆਣਾ ਸਰਕਾਰ ਵੱਲੋਂ ਸ਼ਾਮ ਸਮੇਂ ਡਾਕਟਰਾਂ ਨੂੰ ਮੀਟਿੰਗ ਲਈ ਸੱਦਿਆ ਗਿਆ। ਮੀਟਿੰਗ ਦੌਰਾਨ ਸੂਬਾ ਸਰਕਾਰ ਵੱਲੋਂ ਡਾਕਟਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ। ਖ਼ਬਰ ਲਿਖੇ ਜਾਣ ਤੱਕ ਸੂਬਾ ਸਰਕਾਰ ਡਾਕਟਰਾਂ ਨੂੰ ਮਨਾਉਣ ਵਿੱਚ ਨਾਕਾਮ ਰਹੀ।
ਲੰਘੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਡਾਕਟਰਾਂ ਨੂੰ ਡਿਊਟੀ ’ਤੇ ਵਾਪਸ ਆਉਣ ਦੀ ਅਪੀਲ ਕਰਦਿਆਂ ਦਾਅਵਾ ਕੀਤਾ ਸੀ ਕਿ ਸੂਬਾ ਸਰਕਾਰ ਨੇ ਡਾਕਟਰਾਂ ਦੀਆਂ ਚਾਰ ਮੰਗਾਂ ਵਿੱਚੋਂ ਤਿੰਨ ਪਹਿਲਾਂ ਹੀ ਮੰਨ ਲਈਆਂ ਹਨ, ਜਦੋਂ ਕਿ ਐੱਸ ਐੱਮ ਓ ਦੀ ਸਿੱਧੀ ਭਰਤੀ ’ਤੇ ਰੋਕ ਲਗਾ ਦਿੱਤੀ ਸੀ। ਇਸ ਦੇ ਬਾਵਜੂਦ ਡਾਕਟਰਾਂ ਦੀ ਹੜਤਾਲ ਜਾਰੀ ਰਹੀ। ਡਾਕਟਰਾਂ ਵੱਲੋਂ ਐੱਸ ਐੱਮ ਓ ਦੀ ਸਿੱਧੀ ਭਰਤੀ ਕੀਤੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸਿੱਧੀ ਭਰਤੀ ਕਰਨ ਦੀ ਥਾਂ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਡਾਕਟਰਾਂ ਨੂੰ ਪਦਉੱਨਤ ਕੀਤਾ ਜਾਵੇ। ਇਸ ਤੋਂ ਇਲਾਵਾ ਡਾਕਟਰਾਂ ਵੱਲੋਂ ਗ੍ਰੇਡ ਪੇਅ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਨੇ ਡਾਕਟਰਾਂ ਨੂੂੰ ਹੜਤਾਲ ’ਤੇ ਜਾਣ ਤੋਂ ਰੋਕਣ ਲਈ ਲੰਘੇ ਦਿਨ 6 ਮਹੀਨੇ ਹੜਤਾਲ ਨਾ ਕਰਨ ’ਤੇ ਰੋਕ ਲਗਾ ਦਿੱਤੀ ਸੀ। ਇਸ ਦੇ ਬਾਵਜੂਦ ਡਾਕਟਰਾਂ ਦੀ ਹੜਤਾਲ ਲਗਾਤਾਰ ਜਾਰੀ ਰਹੀ ਹੈ।

