ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਅੱਗੇ ਪੈ ਗਈ ਹੈ। ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ। ਅੱਜ ਹਾਈ ਕੋਰਟ ਵਿੱਚ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ ਕੇਸ ਲੱਗਿਆ ਸੀ। ਅਦਾਲਤ ਨੇ ਅਕਾਲੀ ਆਗੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 5 ਜਨਵਰੀ ਤੱਕ ਟਾਲ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਮਜੀਠੀਆ ਖ਼ਿਲਾਫ਼ ਇਸ ਕੇਸ ਦੀ ਪੈਰਵੀ ਲਈ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਕਰਨਗੇ ਜਦਕਿ ਮਜੀਠੀਆ ਦੇ ਬਚਾਅ ਲਈ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਕੇਸ ਲੜਨਗੇ। ਅੱਜ ਸਰਕਾਰੀ ਤੇ ਬਚਾਅ ਪੱਖ ਦੇ ਦੋਵੇਂ ਵਕੀਲ ਸੁਣਵਾਈ ਲਈ ਅਦਾਲਤ ਵਿੱਚ ਹਾਜ਼ਰ ਨਹੀਂ ਹੋ ਸਕੇ ਅਤੇ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕਰਨ ਦੀ ਮੰਗ ਕੀਤੀ ਗਈ ਪਰ ਹਾਈ ਕੋਰਟ ਨੇ ਇਸ ਤੋਂ ਇਨਕਾਰ ਕਰਦਿਆਂ ਫਿਜ਼ੀਕਲ ਸੁਣਵਾਈ ’ਤੇ ਜ਼ੋਰ ਦਿੱਤਾ। ਇਸ ਤਰ੍ਹਾਂ ਦੋਵਾਂ ਧਿਰਾਂ ਦੀ ਸਹਿਮਤੀ ਤੋਂ ਬਾਅਦ ਮਜੀਠੀਆ ਖ਼ਿਲਾਫ਼ ਸੁਣਵਾਈ 5 ਜਨਵਰੀ 2022 ਤੱਕ ਮੁਲਤਵੀ ਕਰ ਦਿੱਤੀ ਗਈ।