ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 5 ਜਨਵਰੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਬੁੱਧਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਵਕੀਲਾਂ ਦੀ ਬਹਿਸ ਤੋਂ ਬਾਅਦ 10 ਜਨਵਰੀ ਤੱਕ ਸੁਣਵਾਈ ਅੱਗੇ ਟਾਲ ਦਿੱਤੀ ਹੈ। ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਇਰ ਕੀਤੀ ਹੋਈ ਹੈ। ਮਜੀਠੀਆ ਖ਼ਿਲਾਫ਼ ਕੁੱਝ ਦਿਨ ਪਹਿਲਾਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੇਸ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਿਆ ਹੈ। ਪੰਜਾਬ ਸਰਕਾਰ ਅਤੇ ਪੁਲੀਸ ਨੂੰ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ। ਹਾਲਾਂਕਿ ਇਸ ਸਬੰਧੀ ਪੁਲੀਸ ਵੱਲੋਂ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।