ਮੌਨਸੂਨ ਦੀ ਵਾਪਸੀ ਮਗਰੋਂ ਗਰਮੀ ਨੇ ਜ਼ੋਰ ਫੜਿਆ
ਪੰਜਾਬ ਵਿੱਚ ਮੌਨਸੂਨ ਦੀ ਵਾਪਸੀ ਤੋਂ ਬਾਅਦ ਹੁੰਮਸ ਭਰੀ ਗਰਮੀ ਨੇ ਜ਼ੋਰ ਫੜ ਲਿਆ ਹੈ। ਅੱਜ ਸੂਬੇ ਵਿੱਚ ਸਵੇਰ ਤੋਂ ਗਰਮੀ ਦਾ ਕਹਿਰ ਜਾਰੀ ਸੀ। ਗਰਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਦੂਜੇ ਪਾਸੇ, ਮੌਸਮ ਗਰਮ ਹੋਣ ਕਰ ਕੇ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ। ਇਹ ਮੌਸਮ ਝੋਨੇ ਦੀ ਫ਼ਸਲ ਲਈ ਲਾਹੇਵੰਦ ਹੈ। ਸਾਫ਼ ਮੌਸਮ ਦੇ ਚੱਲਦਿਆਂ ਕਿਸਾਨਾਂ ਵੱਲੋਂ ਤੇਜ਼ੀ ਨਾਲ ਝੋਨੇ ਦੀ ਕਟਾਈ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਸਮਰਾਲਾ ਸ਼ਹਿਰ ਸਭ ਤੋਂ ਗਰਮ ਰਿਹਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 38.9 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਹੈ ਜਦੋਂਕਿ ਗਰਮੀ ਵਧਣ ਕਰ ਕੇ ਲੁਧਿਆਣਾ ਵਿੱਚ ਕਈ ਥਾਵਾਂ ’ਤੇ ਮੀਂਹ ਪਿਆ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅਗਲੇ ਪੰਜ ਦਿਨ ਮੌਸਮ ਸਾਫ਼ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਐਤਵਾਰ ਨੂੰ ਪੰਜਾਬ ਵਿੱਚ ਸਵੇਰ ਤੋਂ ਹੀ ਮੌਸਮ ਸਾਫ਼ ਰਿਹਾ ਹੈ ਅਤੇ ਤਿੱਖੀ ਧੁੱਪ ਨਿਕਲੀ ਹੋਈ ਸੀ। ਇਸ ਦੌਰਾਨ ਲੋਕਾਂ ਨੂੰ ਬਾਹਰ ਨਿਕਲਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਦਾ ਤਾਪਮਾਨ 36.3 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 35.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 35.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 35.8 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 35.9 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 36 ਡਿਗਰੀ ਸੈਲਸੀਅਸ, ਫ਼ਰੀਦਕੋਟ ਵਿੱਚ 36.2 ਡਿਗਰੀ ਸੈਲਸੀਅਸ, ਫ਼ਾਜ਼ਿਲਕਾ ਵਿੱਚ 36.3 ਡਿਗਰੀ ਸੈਲਸੀਅਸ, ਫ਼ਿਰੋਜ਼ਪੁਰ ਵਿੱਚ 35.2 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 36.3 ਡਿਗਰੀ ਸੈਲਸੀਅਸ, ਰੋਪੜ ਵਿੱਚ ਤਾਪਮਾਨ 35.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।