ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੁੜ ਜ਼ੋਰ ਫੜੇਗੀ ਗਰਮੀ
ਆਤਿਸ਼ ਗੁਪਤਾ
ਚੰਡੀਗੜ੍ਹ, 7 ਜੂਨ
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਐਤਵਾਰ ਤੋਂ ਗਰਮੀ ਮੁੜ ਜ਼ੋਰ ਫੜੇਗੀ। ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਪੱਛਮੀ ਗੜਬੜੀ ਦੇ ਅਸਰ ਕਾਰਨ ਤਾਪਮਾਨ ਔਸਤਨ ਦੇ ਬਰਾਬਰ ਹੀ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਗਿਆਨੀਆਂ ਨੇ ਅਗਲੇ ਚਾਰ ਦਿਨ ਅਤਿ ਦੀ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਨੇ 9, 10 ਤੇ 11 ਜੂਨ ਨੂੰ ਗਰਮ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕਰਦਿਆਂ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦੌਰਾਨ ਤਾਪਮਾਨ ਮੁੜ ਤੋਂ 45 ਡਿਗਰੀ ਸੈਲਸੀਅਸ ਤੋਂ ਪਾਰ ਹੋ ਸਕਦਾ ਹੈ।
ਪੰਜਾਬ ਵਿੱਚ ਅੱਜ ਬਠਿੰਡਾ ਏਅਰਪੋਰਟ ਦਾ ਇਲਾਕਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਦਿਨ ਵਿੱਚ ਹੁੰਮਸ ਭਰੀ ਗਰਮੀ ਦਾ ਕਹਿਰ ਜਾਰੀ ਰਿਹਾ। ਤਿੱਖੀ ਧੁੱਪ ਨੇ ਵੀ ਆਮ ਜਨ-ਜੀਵਨ ਪ੍ਰਭਾਵਿਤ ਕੀਤਾ। ਗਰਮੀ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧਣੀਆਂ ਸ਼ੁਰੂ ਹੋ ਗਈਆਂ ਹਨ, ਜਿਨ੍ਹਾਂ ਨੂੰ ਝੋਨੇ ਦੀ ਲੁਆਈ ਦਾ ਕੰਮ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 41.1 ਡਿਗਰੀ ਸੈਲਸੀਅਸ, ਲੁਧਿਆਣਾ ਤੇ ਪਟਿਆਲਾ ਵਿੱਚ 40 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 40.5 ਡਿਗਰੀ ਸੈਲਸੀਅਸ, ਬਠਿੰਡਾ ਸ਼ਹਿਰ ਵਿੱਚ 41.8 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਜ਼ਿਲ੍ਹਾ ਨਵਾਂ ਸ਼ਹਿਰ ਵਿੱਚ 38 ਡਿਗਰੀ ਸੈਲਸੀਅਸ, ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ 38.2 ਫਾਜ਼ਿਲਕਾ ਵਿੱਚ 40.8, ਹੁਸ਼ਿਆਰਪੁਰ ਵਿੱਚ 38.4, ਜਲੰਧਰ ਵਿੱਚ 39, ਮੁਹਾਲੀ ਵਿੱਚ 38.4 ਤੇ ਰੋਪੜ ਵਿੱਚ 37.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਬਿਜਲੀ ਦੀ ਮੰਗ 13,500 ਮੈਗਾਵਾਟ ਤੋਂ ਟੱਪੀ
ਪੰਜਾਬ ਵਿੱਚ ਗਰਮੀ ਵਧਣ ਦੇ ਨਾਲ ਬਿਜਲੀ ਦੀ ਮੰਗ ਵੀ ਵਧਣੀ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਬਿਜਲੀ ਦੀ ਮੰਗ 13,500 ਮੈਗਾਵਾਟ ਤੋਂ ਵੱਧ ਦਰਜ ਕੀਤੀ ਗਈ ਜਦੋਂਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਵਧਣ ਦੇ ਨਾਲ ਹੀ ਇਹ ਮੰਗ ਹੋਰ ਵਧ ਸਕਦੀ ਹੈ। ਅੱਜ ਪੰਜਾਬ ਵਿੱਚ ਸਰਕਾਰੀ ਤੇ ਨਿੱਜੀ ਖੇਤਰ ਦੇ 5 ਥਰਮਲ ਪਲਾਂਟਾਂ ਦੇ ਸਾਰੇ 15 ਯੂਨਿਟ ਚਾਲੂ ਸਨ। ਬਿਜਲੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਜਲੀ ਦੀ ਮੰਗ ਵਧਣ ’ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।