ਪੰਜਾਬ ’ਚ ਅਗਲੇ ਤਿੰਨ ਦਿਨ ਭਾਰੀ ਮੀਂਹ ਦੀ ਪੇਸ਼ੀਨਗੋਈ
ਮੀਂਹ ਕਾਰਨ ਭਾਖਡ਼ਾ, ਪੌਂਗ ਤੇ ਰਣਜੀਤ ਸਿੰਘ ਡੈਮ ਵਿੱਚ ਪਾਣੀ ਵਧਿਆ
Advertisement
ਪੰਜਾਬ ਵਿੱਚ ਅਗਲੇ ਤਿੰਨ-ਚਾਰ ਦਿਨ ਮੁੜ ਤੋਂ ਮੌਸਮ ਆਪਣਾ ਮਿਜ਼ਾਜ ਬਦਲੇਗਾ। ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਟੁੱਟਵਾਂ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਚਾਰ, ਪੰਜ ਅਤੇ ਛੇ ਅਗਸਤ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਵੀ ਪੰਜਾਬ ਦੇ ਹੁਸ਼ਿਆਰਪੁਰ, ਰੋਪੜ, ਪਠਾਨਕੋਟ, ਮੋਗਾ ਤੇ ਹੋਰਨਾਂ ਇਲਾਕਿਆਂ ਵਿੱਚ ਮੀਂਹ ਕਰਕੇ ਲੋਕਾਂ ਨੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ। ਪੰਜਾਬ ਅਤੇ ਨਾਲ ਲਗਦੇ ਪਹਾੜੀ ਇਲਾਕੇ ਵਿੱਚ ਲਗਾਤਾਰ ਕਈ ਦਿਨਾਂ ਤੋਂ ਰੁੱਕ-ਰੁੱਕ ਕੇ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ। ਇਸ ਦੇ ਨਾਲ ਹੀ ਪੰਜਾਬ ਵਿਚਲੇ ਤਿੰਨ ਡੈਮ ਭਾਖੜਾ, ਪੌਂਗ ਅਤੇ ਰਣਜੀਤ ਸਾਗਰ ਡੈਮ ਵਿੱਚ ਵੀ ਪਾਣੀ ਦਾ ਪੱਧਰ ਵੱਧਣ ਲੱਗ ਪਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1622 ਫੁੱਟ ’ਤੇ ਪਹੁੰਚ ਗਿਆ ਹੈ, ਜੋ ਕਿ ਪਿਛਲੇ ਸਾਲ ਅੱਜ ਦੇ ਦਿਨ 1608 ਫੁੱਟ ਸੀ। ਹਾਲਾਂਕਿ ਭਾਖੜਾ ਡੈਮ ਵਿੱਚ ਖਤਰੇ ਦਾ ਨਿਸ਼ਾਨ 1680 ਫੁੱਟ ’ਤੇ ਹੈ। ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਇਸੇ ਦਿਨ ਦੇ 1320 ਫੁੱਟ ਦੇ ਮੁਕਾਬਲੇ 1363.89 ਫੁੱਟ ਹੈ। ਪੌਂਗ ਡੈਮ ਵਿੱਚ ਖਤਰੇ ਦਾ ਨਿਸ਼ਾਨ 1400 ਫੁੱਟ ’ਤੇ ਹੈ। ਇਸੇ ਤਰ੍ਹਾਂ ਰਣਜੀਤ ਸਾਗਰ ਡੈਮ ਵਿੱਚ ਪਾਣਾ ਦਾ ਪੱਧਰ ਪਿਛਲੇ ਸਾਲ 491.15 ਮੀਟਰ ਦੇ ਮੁਕਾਬਲੇ 510.3 ਮੀਟਰ ਹੈ।
ਪੰਜਾਬ ਵਿੱਚ ਪੈ ਰਹੇ ਮੀਂਹ ਕਰਕੇ ਲੋਕਾਂ ਨੇ ਹੁੰਮਸ ਭਰੀ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ, ਪਰ ਕਈ ਥਾਵਾਂ ’ਤੇ ਪਾਣੀ ਖੜਾ ਹੋਣ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੱਧ ਜਾਂਦੀਆਂ ਹਨ। ਇਸ ਦੌਰਾਨ ਲੋਕਾਂ ਨੂੰ ਗੋਢੇ-ਗੋਢੇ ਪਾਣੀ ਵਿੱਚੋਂ ਨਿਕਲਣ ਲਈ ਮਜਬੂਰ ਹੋਣਾ ਪੈਂਦਾ ਹੈ। ਪੰਜਾਬ ’ਚ ਹੁਸ਼ਿਆਰਪੁਰ ਸ਼ਹਿਰ ਵਿੱਚ ਪਿਛਲੇ 24 ਘੰਟਿਆਂ ਅੰਦਰ 145.5 ਐੱਮਐੱਮ ਸਭ ਤੋਂ ਵੱਧ ਮੀਂਹ ਪਿਆ ਹੈ।
Advertisement
ਤਾਪਮਾਨ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਘਟੀ
ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਨਾਲ ਗ਼ਰਮੀ ਤੋਂ ਰਾਹਤ ਮਿਲੀ ਹੈ। ਗਰਮੀ ਘਟਣ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਅੱਗੇ ਨਾਲੋਂ ਘੱਟ ਗਈ ਹੈ। ਇਸ ਕਾਰਨ ਬਿਜਲੀ ਮਹਿਕਮੇ ਦੇ ਅਧਿਕਾਰੀ ਸੁੱਖ ਦਾ ਸਾਂਹ ਲੈ ਰਹੇ ਹਨ। ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 13 ਹਜ਼ਾਰ ਮੈਗਾਵਾਟ ਤੋਂ ਘੱਟ ਦਰਜ ਕੀਤੀ ਗਈ ਹੈ, ਜੋ ਕਿ ਪਿਛਲੇ 15-20 ਦਿਨਾਂ ਤੋਂ 15 ਹਜ਼ਾਰ ਮੈਗਾਵਾਟ ਤੋਂ ਉੱਪਰ ਚੱਲ ਰਹੀ ਸੀ।
Advertisement