ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਅਗਸਤ
ਸਨਅਤੀ ਸ਼ਹਿਰ ਦੀ ਫੈਕਟਰੀ ਹੀਰੋ ਸਟੀਲਜ਼ ਵੱਲੋਂ ਫੈਕਟਰੀ ਦਾ ਪ੍ਰਦੂਸ਼ਿਤ ਪਾਣੀ ਸਿੱਧੇ ਸੀਵਰੇਜ ਵਿਚ ਪਾਉਣ ਦੇ ਮਾਮਲੇ ਵਿੱਚ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਪੀਪੀਸੀਬੀ ਵੱਲੋਂ ਇਸ ਫੈਕਟਰੀ ਨੂੰ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਪੀਪੀਸੀਬੀ ਦੇ ਚੀਫ ਵਾਤਾਵਰਨ ਇੰਜਨੀਅਰ ਗੁਲਸ਼ਨ ਰਾਏ ਨੇ ਦੱਸਿਆ ਕਿ ਪੀਪੀਸੀਬੀ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਫੈਕਟਰੀਆਂ ਦੀ ਅਚਨਚੇਤ ਚੈਕਿੰਗ ਕਰਦੀ ਹੈ। ਬੋਰਡ ਵੱਲੋਂ ਦੇਖਿਆ ਜਾਂਦਾ ਹੈ ਕਿ ਸਨਅਤਾਂ ਗੰਦੇ ਪਾਣੀ ਦਾ ਸੁਚਾਰੂ ਢੰਗ ਨਾਲ ਟਰੀਟਮੈਂਟ ਕਰਦੀਆਂ ਹਨ ਜਾਂ ਨਹੀਂ।
ਉਨ੍ਹਾਂ ਕਿਹਾ ਕਿ ਪੀਪੀਸੀਬੀ ਦੇ ਅਧਿਕਾਰੀਆਂ ਵੱਲੋਂ ਹੀਰੋ ਸਟੀਲਜ਼ ਗਿਆਸਪੁਰਾ ਦੀ ਰਾਤ ਦੀ ਨਿਗਰਾਨੀ ਦੌਰਾਨ ਪਾਇਆ ਗਿਆ ਕਿ ਫਰਮ ਵੱਲੋਂ ਇੱਕ ਪਾਈਪਲਾਈਨ ਰਾਹੀਂ ਅਣਸੋਧਿਆ ਤੇਜ਼ਾਬੀ ਗੰਦਾ ਪਾਣੀ ਸੀਵਰੇਜ ਸਿਸਟਮ ਵਿੱਚ ਛੱਡਿਆ ਜਾ ਰਿਹਾ ਹੈ। ਮੌਕੇ ’ਤੇ ਨਮੂਨੇ ਇਕੱਠੇ ਕੀਤੇ ਗਏ ਅਤੇ ਮਾਮਲਾ ਤੁਰੰਤ ਪੀਪੀਸੀਬੀ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ।
ਇਸ ਮਾਮਲੇ ’ਤੇ ਕਾਰਵਾਈ ਕਰਦਿਆਂ ਪੀਪੀਸੀਬੀ ਵੱਲੋਂ ਯੂਨਿਟ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਯੂਨਿਟ ਨੂੰ ਉਪਲੱਬਧ ਬਿਜਲੀ ਸਪਲਾਈ ਵੀ ਕੱਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫੈਕਟਰੀ ਨੂੰ 10 ਲੱਖ ਰੁਪਏ ਵਾਤਾਵਰਨ ਮੁਆਵਜ਼ੇ ਵਜੋਂ ਅਤੇ 50 ਲੱਖ ਰੁਪਏ ਦੀ ਬੈਂਕ ਗਾਰੰਟੀ ਜਮ੍ਹਾਂ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਭਵਿੱਖ ਵਿੱਚ ਅਜਿਹੀ ਗਤੀਵਿਧੀ ਨੂੰ ਅੰਜਾਮ ਨਾ ਦਿੱਤਾ ਜਾਵੇ। ਫੈਕਟਰੀ ਨੂੰ ਨੇੜਲੇ ਇਲਾਕੇ ਵਿੱਚ ਵਾਤਾਵਰਨ ਸੁਧਾਰ ਲਈ 10 ਲੱਖ ਰੁਪਏ ਖ਼ਰਚ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।