ਹਿੜਮਾ ਤੇ ਸਾਥੀਆਂ ਦਾ ਮੁਕਾਬਲਾ ਝੂਠਾ: ਜਮਹੂਰੀ ਫਰੰਟ
ਅੱਜ ਇੱਥੇ ਅਪਰੇਸ਼ਨ ਗ੍ਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਕਨਵੀਨਰਾਂ ਡਾ. ਪਰਮਿੰਦਰ, ਪ੍ਰੋਫੈਸਰ ਏ ਕੇ ਮਲੇਰੀ, ਬੂਟਾ ਸਿੰਘ ਮਹਿਮੂਦਪੁਰ ਅਤੇ ਯਸ਼ਪਾਲ ਨੇ ਬਿਆਨ ਜਾਰੀ ਕਰਕੇ ਆਂਧਰਾ ਪ੍ਰਦੇਸ਼ ਪੁਲੀਸ ਵੱਲੋਂ ਮਾਓਵਾਦੀ ਆਗੂ ਮਾੜਵੀ ਹਿੜਮਾ ਅਤੇ ਉਸ ਦੇ 6 ਸਾਥੀਆਂ ਨੂੰ ਕਥਿਤ ਤੌਰ ’ਤੇ ਗ੍ਰਿਫ਼ਤਾਰ ਕਰਕੇ ‘ਮੁਕਾਬਲੇ’ ’ਚ ਮਾਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ-ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਜੰਗਲੀ-ਪਹਾੜੀ ਇਲਾਕਿਆਂ ਨੂੰ ਦਹਾਕਿਆਂ ਤੋਂ ਸੁਰੱਖਿਆ ਬਲਾਂ ਦੀ ਵਿਆਪਕ ਛਾਉਣੀ ਬਣਾ ਕੇ ਆਪਣੇ ਹੀ ਲੋਕਾਂ ਦੀਆਂ ਲਾਸ਼ਾਂ ਵਿਛਾਉਣ ਦੀ ਨੀਤੀ ’ਤੇ ਚੱਲ ਰਹੀ ਹਨ। ਜਨਵਰੀ 2025 ਤੋਂ ਲੈ ਕੇ ਹੁਣ ਤੱਕ ਇਕੱਲੇ ਛੱਤੀਸਗੜ੍ਹ ਰਾਜ ਵਿਚ ਸੁਰੱਖਿਆ ਬਲਾਂ ਵੱਲੋਂ ‘ਮੁਕਾਬਲਿਆਂ’ ਦੇ ਨਾਂ ਹੇਠ 252 ਤੋਂ ਵੱਧ ਗ਼ੈਰਅਦਾਲਤੀ ਹੱਤਿਆਵਾਂ ਕੀਤੀਆਂ ਗਈਆਂ ਹਨ। ਉਨ੍ਹਾਂ ਮੰਗ ਕੀਤੀ ਕਿ ਕਬਾਇਲੀ ਇਲਾਕਿਆਂ ਵਿਚ ਝੂਠੇ ਮੁਕਾਬਲਿਆਂ ਨੂੰ ਬੰਦ ਕੀਤਾ ਜਾਵੇ, ਸਾਰੇ ਸੁਰੱਖਿਆ ਕੈਂਪ ਹਟਾਏ ਜਾਣ ਅਤੇ ਵਿਸ਼ੇਸ਼ ਸੁਰੱਖਿਆ ਤਾਕਤਾਂ ਤੁਰੰਤ ਵਾਪਸ ਲਈਆਂ ਜਾਣ, ਕਾਰਪੋਰੇਟ ਹਿਤੈਸ਼ੀ ਆਰਥਕ ਮਾਡਲ ਰੱਦ ਕੀਤਾ ਜਾਵੇ ਤੇ ਜਲ-ਜੰਗਲ-ਜ਼ਮੀਨ ਉੱਪਰ ਕਬਾਇਲੀਆਂ ਦਾ ਕੁਦਰਤੀ ਹੱਕ ਤਸਲੀਮ ਕੀਤਾ ਜਾਵੇ।
