ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 10 ਸਤੰਬਰ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਅਗਲੇ ਵਰ੍ਹੇ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਇਸ ਦੀ ਪੁਸ਼ਟੀ ਸੈਣੀ ਦੇ ਵਕੀਲ ਏਪੀਐੱਸ ਦਿਉਲ ਨੇ ਕੀਤੀ। ਉਨ੍ਹਾਂ ਦੱਸਿਆ ਕਿ ਸੈਣੀ ਖ਼ਿਲਾਫ਼ ਦਰਜ ਸਾਰੇ ਅਪਰਾਧਿਕ ਕੇਸਾਂ ਦੀ ਜਾਂਚ ਪ੍ਰਕਿਰਿਆ ਵੀ ਅਗਲੇ ਹੁਕਮਾਂ ਤੱਕ ਰੋਕ ਦਿੱਤੀ ਗਈ ਹੈ। ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਅਦਾਲਤ ਵਿੱਚ ਦਾਇਰ ਕੀਤੀ ਪਟੀਸ਼ਨ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਖ਼ਿਲਾਫ਼ ਸਿਆਸੀ ਬਦਲਾਖੋਰੀ ਤਹਿਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਜਾਣ-ਬੁੱਝ ਕੇ ਝੂਠੇ ਮਾਮਲਿਆਂ ਵਿੱਚ ਫਸਾਇਆ ਜਾ ਰਿਹਾ ਹੈ। ਸੈਣੀ ਦੇ ਵਕੀਲ ਨੇ ਕਿਹਾ ਕਿ ਡੀਜੀਪੀ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਮਗਰੋਂ ਪੰਜਾਬ ਸਰਕਾਰ ਉਨ੍ਹਾਂ ਖ਼ਿਲਾਫ਼ ਹੁਣ ਚਾਰ ਅਪਰਾਧਿਕ ਕੇਸ ਦਰਜ ਕਰ ਚੁੱਕੀ ਹੈ ਜਦੋਂ ਕਿ ਸਿੱਧੇ ਤੌਰ ’ਤੇ ਇਨ੍ਹਾਂ ’ਚੋਂ ਕਿਸੇ ਵੀ ਮਾਮਲੇ ਵਿੱਚ ਕੋਈ ਲੈਣਾ ਦੇਣਾ ਨਹੀਂ ਹੈ। ਸੈਣੀ ਖ਼ਿਲਾਫ਼ ਮੁਹਾਲੀ ਵਿੱਚ ਦਰਜ ਤਿੰਨ ਅਪਰਾਧਿਕ ਕੇਸਾਂ ਵਿੱਚ ਸਿੱਟਕੋ ਦੇ ਜੇਈ ਰਹੇ ਸਿੱਖ ਨੌਜਵਾਨ ਬੀਐੱਸ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਜਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਪੁਲੀਸ ਤਸ਼ੱਦਦ ਕਰਕੇ ਮਾਰ ਮੁਕਾਉਣ ਤੇ ਆਮਦਨ ਤੋਂ ਵੱਧ ਜਾਇਦਾਦ ਜੁਟਾਉਣਾ ਸ਼ਾਮਲ ਹਨ। ਡਬਲਿਊ. ਡਬਲਿਊ.ਆਈ.ਸੀ.ਐਸ ਦੇ ਡਾਇਰੈਕਟਰ ਦਵਿੰਦਰ ਸਿੰਘ ਸੰਧੂ ਖ਼ਿਲਾਫ਼ 17 ਸਤੰਬਰ 2020 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਦਰਜ ਰੀਅਲ ਅਸਟੇਟ ਨਾਲ ਜੁੜੇ ਪੁਰਾਣੇ ਮਾਮਲੇ ਵਿੱਚ ਸੈਣੀ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹਾਲਾਂਕਿ ਇਸ ਕੇਸ ਵਿੱਚ ਸੈਣੀ ਨੂੰ ਵਿਜੀਲੈਂਸ ਥਾਣੇ ਦੀ ਹਵਾਲਾਤ ਵਿੱਚ ਰਾਤ ਗੁਜ਼ਾਰਨੀ ਪਈ ਸੀ ਪ੍ਰੰਤੂ ਅਗਲੇ ਦਿਨ ਹਾਈ ਕੋਰਟ ਦੇ ਹੁਕਮਾਂ ’ਤੇ ਉਸ ਨੂੰ ਰਿਹਾਅ ਕੀਤਾ ਗਿਆ ਸੀ। ਇਸ ਤੋਂ ਇਲਾਵਾ ਬੇਅਦਬੀ ਘਟਨਾਵਾਂ ਸਬੰਧੀ ਫਰੀਦਕੋਟ ਗੋਲੀ ਕਾਂਡ ਮਾਮਲੇ ਵਿੱਚ ਉਸ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹ ਸਾਰੇ ਮਾਮਲੇ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ। ਉਧਰ, ਵਿਜੀਲੈਂਸ ਬਿਊਰੋ ਵੱਲੋਂ ਬੀਤੀ 6 ਸਤੰਬਰ ਨੂੰ ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਪੈਮਲਪ੍ਰੀਤ ਗਰੇਵਾਲ ਦੀ ਅਦਾਲਤ ਵਿੱਚ ਨਵੇਂ ਸਿਰਿਓਂ ਪਟੀਸ਼ਨ (ਅਦਾਲਤੀ ਹੁਕਮਾਂ ਦਾ ਨਿਰਾਦਰ) ਦਾਇਰ ਕਰਕੇ ਸੁਮੇਧ ਸੈਣੀ ’ਤੇ ਅਦਾਲਤ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਹੈ।