ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 27 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਹਿਜਾਬ ਮਾਮਲੇ ਨੂੰ ਨਿੰਦਣਯੋਗ ਦੱਸਦਿਆਂ ਕਰਨਾਟਕ ਸਰਕਾਰ ਵੱਲੋਂ ਅਪਣਾਈ ਪਹੁੰਚ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਇਸ ਨਾਜ਼ੁਕ ਮਾਮਲੇ ’ਚ ਰਾਸ਼ਟਰਪਤੀ ਤੋਂ ਦਖ਼ਲ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਆਪਣੇ ਪ੍ਰੈੱਸ ਬਿਆਨ ’ਚ ਕਿਹਾ ਕਿ ਭਾਰਤ ਇੱਕ ਧਰਮ ਨਿਰਪੱਖ ਦੇਸ਼ ਹੈ ਪਰ ਇੱਕ ਬੱਚੀ ਨੂੰ ਹਿਜਾਬ ਪਾ ਕੇ ਅਤੇ ਇੱਕ ਬੱਚੀ ਨੂੰ ਕੇਸਕੀ ਬੰਨ੍ਹ ਕੇ ਕਾਲਜ ਜਾਣ ਤੋਂ ਰੋਕਣ ਦੀਆਂ ਜੋ ਘਟਨਾਵਾਂ ਕਰਨਾਟਕ ਵਿੱਚ ਹੋਈਆ ਹਨ, ਉਹ ਅਤਿ ਨਿੰਦਣਯੋਗ ਹਨ। ਉਨ੍ਹਾਂ ਕਰਨਾਟਕ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਘਟਨਾਵਾਂ ਦੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਕਿ ਉਹ ਸਖ਼ਤ ਕਾਰਵਾਈ ਕਰਨ।