ਭਾਖੜਾ ਬੋਰਡ ’ਚ ਹਿਮਾਚਲ ਦਾ ਹੱਕ: ਠਾਕੁਰ
ਆਤਿਸ਼ ਗੁਪਤਾ
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਜੈਰਾਮ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ ਬੀ ਐੱਮ ਬੀ) ਵਿੱਚ ਹਿਮਾਚਲ ਪ੍ਰਦੇਸ਼ ਦੀ ਸਥਾਈ ਮੈਂਬਰਸ਼ਿਪ ਦਾ ਵਿਰੋਧ ਕਰਨਾ ਗਲਤ ਹੈ। ਭਾਖੜਾ ਬਿਆਸ ਮੈਨਜਮੈਂਟ ਵਿੱਚ ਸਥਾਈ ਮੈਂਬਰਸ਼ਿਪ ਹਿਮਾਚਲ ਪ੍ਰਦੇਸ਼ ਦਾ ਹੱਕ ਹੈ ਅਤੇ ਹਿਮਾਚਲ ਇਸ ਨੂੰ ਲੈ ਕੇ ਰਹੇਗਾ। ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ‘ਮੀਟ ਦਿ ਪ੍ਰੈੱਸ’ ਪ੍ਰੋਗਰਾਮ ਦੌਰਾਨ ਜੈਰਾਮ ਠਾਕੁਰ ਨੇ ਕਿਹਾ ਕਿ ਬੀ ਬੀ ਐੱਮ ਬੀ ਹਿਮਾਚਲ ਪ੍ਰਦੇਸ਼ ਤੋਂ ਬਿਨਾਂ ਸੰਭਵ ਨਹੀਂ ਹੈ। ਇਸ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੀਆਂ ਜ਼ਮੀਨਾਂ ਗਈਆਂ ਹਨ ਅਤੇ ਉਥੋਂ ਹੀ ਪੰਜਾਬ ਵਿੱਚ ਪਾਣੀ ਆਉਂਦਾ ਹੈ। ਹਿਮਾਚਲ ਪ੍ਰਦੇਸ਼ ਨੂੰ ਵਧੇਰੇ ਪਾਣੀ ਕਰ ਕੇ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਅਜਿਹੇ ਹਾਲਾਤ ਵਿੱਚ ਬੀ ਬੀ ਐੱਮ ਬੀ ਵਿੱਚ ਹਿਮਾਚਲ ਪ੍ਰਦੇਸ਼ ਦਾ ਸਥਾਈ ਮੈਂਬਰ ਹੋਣਾ ਵਧੇੇਰੇ ਜ਼ਰੂਰੀ ਹੈ। ਪੰਜਾਬ ਸਰਕਾਰ ਵੱਲੋਂ 17 ਨਵੰਬਰ ਨੂੰ ਹੋਣ ਵਾਲੀ ਉੱਤਰ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਭਾਖੜਾ ਬਿਆਸ ਪ੍ਰਬੰਧਨ ’ਚ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦਾ ਮੈਂਬਰ ਨਿਯੁਕਤ ਕਰਨ ਦੇ ਫੈਸਲੇ ਦਾ ਵਿਰੋਧ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜੈਰਾਮ ਠਾਕੁਰ ਨੇ ਹੜ੍ਹਾਂ ਦੇ ਮੁੱਦੇ ’ਤੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਅਤੇ ਪੰਜਾਬ ਦੀ ‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ।
