ਪਰਮਜੀਤ ਸਿੰਘ
ਫਾਜ਼ਿਲਕਾ, 17 ਅਪਰੈਲ
ਸੈਰ ਸਪਾਟਾ ਤੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਖਿਆ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੀਆਂ ਇਤਿਹਾਸਕ ਥਾਵਾਂ ਨੂੰ ਸੈਰ ਸਪਾਟਾ ਕੇਂਦਰਾਂ ਵਜੋਂ ਵਿਕਸਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਸਾਦਕੀ ਬਾਰਡਰ ’ਤੇ ਰੀਟਰੀਟ ਰਸਮ ਵਿਚ ਸ਼ਿਰਕਤ ਕੀਤੀ। ਇਸ ਮਗਰੋਂ ਉਨ੍ਹਾਂ ਸ਼ਹੀਦਾਂ ਦੀ ਸਮਾਧੀ ਆਸਫਵਾਲਾ ਵਿਚ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੀ ਮੌਜੂਦ ਸਨ। ਹਰਜੋਤ ਸਿੰਘ ਬੈਂਸ ਨੇ ਆਖਿਆ ਕਿ ਸ਼ਹੀਦਾਂ ਦੀ ਸਮਾਧੀ ਆਸਫਵਾਲਾ ਸਣੇ ਫਾਜ਼ਿਲਕਾ ਜ਼ਿਲ੍ਹੇ ਦੀਆਂ ਸਾਰੀਆਂ ਇਤਿਹਾਸਕ ਥਾਵਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਵਿਕਸਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਲਈ ਆਪਾ ਵਾਰਨ ਵਾਲੇ ਮਹਾਨ ਸ਼ਹੀਦਾਂ ਦੀਆਂ ਯਾਦਗਾਰਾਂ ਨੂੰ ਸੰਭਾਲਣ ਲਈ ਹੋਰ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਜ਼ਿਲ੍ਹੇ ਵਿਚ ਪੁੱਜਣ ’ਤੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸਐੱਸਪੀ ਭੁਪਿੰਦਰ ਸਿੰਘ ਨੇ ਸਵਾਗਤ ਕੀਤਾ। ਪੁਲੀਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਕੈਬਨਿਟ ਮੰਤਰੀ ਨੇ ਕੌਮਾਂਤਰੀ ਸਰਹੱਦ ’ਤੇ ਵੱਸੇ ਪਿੰਡ ਮੁਹਾਰ ਜਮਸ਼ੇਰ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।