ਪਵਨ ਗੋਇਲ
ਭੁੱਚੋ ਮੰਡੀ, 29 ਅਪਰੈਲ
ਪਿੰਡ ਚੱਕ ਫ਼ਤਿਹ ਸਿੰਘ ਵਾਲਾ ਦੇ ਵਸਨੀਕਾਂ ਵੱਲੋਂ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਪਿੰਡ ਦੇ ਬੱਸ ਅੱਡੇ ’ਤੇ ਲਗਾਇਆ ਪੱਕਾ ਮੋਰਚਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਮੋਰਚੇ ਵਿੱਚ ਵੱਡੀ ਭੂਮਿਕਾ ਨਿਭਾਅ ਰਹੀਆਂ ਔਰਤਾਂ ਨੇ ਅੱਜ ਪਿੰਡ ਵਿੱਚ ਰੋਸ ਮੁਜ਼ਾਹਰਾ ਕਰਕੇ ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਪਿੱਟ ਸਿਆਪਾ ਕੀਤਾ। ਅੱਜ ਬੀਬੀਆਂ ਗਲੀ-ਗਲੀ ਜਾਗਰੂਕਤਾ ਮਾਰਚ ਕੱਢ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਆ। ਉਨ੍ਹਾਂ ਮੰਗ ਕੀਤੀ ਕਿ ਚਿੱਟਾ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲੇ ਤਸਕਰਾਂ ਨੂੰ ਜੇਲ੍ਹ ਵਿੱਚ ਡੱਕਿਆ ਜਾਵੇ।
ਇਸ ਮੌਕੇ ਭਾਕਿਯੂ ਉਗਰਾਹਾਂ ਦੇ ਬਲਾਕ ਆਗੂ ਹੁਸ਼ਿਆਰ ਸਿੰਘ, ਜਗਜੀਤ ਸਿੰਘ, ਅਜਮੇਰ ਸਿੰਘ, ਸਿਮਰਜੀਤ ਸਿੰਘ, ਬੀਬੀ ਸੁਖਜੀਤ ਕੌਰ, ਗੁਰਮੀਤ ਕੌਰ, ਜਸਵਿੰਦਰ ਕੌਰ ਤੇ ਚਰਨਜੀਤ ਕੌਰ ਕਿਹਾ ਕਿ ਕਹਿਰ ਦੀ ਗਰਮੀ ਦੇ ਬਾਵਜੂਦ ਪਿੰਡ ਵਾਸੀ ਮੋਰਚੇ ਵਿੱਚ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਹਾਲੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਦੀ ਸਾਰ ਨਹੀਂ ਲਈ ਤੇ ਨਾ ਹੀ ਇਸੇ ਪਿੰਡ ਦੇ ਵਸਨੀਕ ‘ਆਪ’ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਮੋਰਚੇ ਵਿੱਚ ਪਹੁੰਚ ਕੇ ਲੋਕਾਂ ਨੂੰ ਕਾਰਵਾਈ ਕਰਨ ਦਾ ਕੋਈ ਭਰੋਸਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਪਿੰਡ ਵਿੱਚ ਚਿੱਟੇ ਦੀ ਵਿਕਰੀ ਬੰਦ ਨਹੀਂ ਹੁੰਦੀ, ਉਦੋਂ ਤੱਕ ਮੋਰਚਾ ਜਾਰੀ ਰਹੇਗਾ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।