ਪਠਾਨਕੋਟ ’ਚ ਭਾਰੀ ਮੀਂਹ ਮਗਰੋਂ ਸਿੱਖਿਆ ਸੰਸਥਾਵਾਂ ’ਚ ਛੁੱਟੀ ਦਾ ਐਲਾਨ
ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਸੋਮਵਾਰ ਨੂੰ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਐਲਾਨ ਦਿੱਤੀ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਉਝ, ਰਾਵੀ ਦਰਿਆਵਾਂ ਅਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਕਈ ਪਿੰਡ ਪ੍ਰਭਾਵਿਤ ਹੋਏ ਹਨ।
ਪਠਾਨਕੋਟ ਦੇ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹੇ ਵਿੱਚ ਲਗਾਤਾਰ ਪੈ ਰਹੇ ਮੀਂਹ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ 25 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸੇ ਵੀ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਉਝ, ਰਾਵੀ ਦਰਿਆਵਾਂ ਅਤੇ ਮੌਸਮੀ ਨਦੀਆਂ ਵਿੱਚ ਪਾਣੀ ਦੇ ਭਾਰੀ ਵਹਾਅ ਕਾਰਨ, ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ। ਪੀਟੀਆਈ