ਸੂਬੇ ਵਿੱਚ ਪੀਜ਼ਾ ਨਾਲੋਂ ਵੀ ਤੇਜ਼ੀ ਨਾਲ ਹੋ ਰਹੀ ਹੈ ਨਸ਼ਿਆਂ ਦੀ ਹੋਮ ਡਿਲੀਵਰੀ’: ਸੰਜੇ ਭਾਟੀਆ
ਕੇਂਦਰ ਸਰਕਾਰ ਸਰਹੱਦਾਂ ਸੰਭਾਲਦੀ ਹੈ, ਪਰ ਪੰਜਾਬ ਸਰਕਾਰ ਨਸ਼ਿਆਂ ਦੀ ਵੰਡ ਰੋਕਣ ਵਿੱਚ ਨਾਕਾਮ: ਭਾਜਪਾ ਸੰਸਦ ਮੈਂਬਰ
ਭਾਜਪਾ ਦੇ ਰਾਜ ਸਭਾ ਮੈਂਬਰ ਸੰਜੇ ਭਾਟੀਆ ਨੇ ਕਿਹਾ ਹੈ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਪੰਜਾਬ ਜਾਂ ਭਾਰਤ ਤੱਕ ਸੀਮਤ ਨਹੀਂ, ਸਗੋਂ ਪੂਰੀ ਦੁਨੀਆ ਲਈ ਚੁਣੌਤੀ ਹੈ ਅਤੇ ਅਸਲ ਫ਼ਰਕ ਇਸ ਗੱਲ ਦਾ ਹੁੰਦਾ ਹੈ ਕਿ ਸਰਕਾਰਾਂ ਇਸ ਨਾਲ ਕਿਵੇਂ ਨਜਿੱਠਦੀਆਂ ਹਨ।
ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੋਮਵਾਰ ਨੂੰ ਨਾਭਾ ਪੁੱਜੇ ਭਾਟੀਆ ਇਹ ਜਵਾਬ ਉਸ ਵੇਲੇ ਦੇ ਰਹੇ ਸਨ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਪੁੱਛਿਆ ਕਿ ਭਾਜਪਾ ਨੇ ਹੁਣ ਤੱਕ ਆਪਣੇ ਕਿੰਨੇ ਸ਼ਾਸਿਤ ਰਾਜਾਂ ਨੂੰ ਨਸ਼ਾ ਮੁਕਤ ਬਣਾਇਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਸਮੱਸਿਆ ਦਾ ਪੂਰੀ ਤਰ੍ਹਾਂ ਖ਼ਾਤਮਾ ਕਿਸੇ ਇੱਕ ਸੂਬੇ ਵਿੱਚ ਨਹੀਂ ਹੋਇਆ, ਪਰ ਭਾਜਪਾ ਸ਼ਾਸਿਤ ਰਾਜਾਂ ਵਿੱਚ ਇਸ ਖ਼ਿਲਾਫ਼ ਸਖ਼ਤ ਅਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।
ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਸੋਮਵਾਰ ਨੂੰ ਨਾਭਾ ਪੁੱਜੀ, ਜਿੱਥੇ ਰਾਜ ਸਭਾ ਮੈਂਬਰ ਸੰਜੇ ਭਾਟੀਆ ਦਾ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ, ਨੌਜਵਾਨ ਆਗੂ ਵਿਸ਼ਾਲ ਸ਼ਰਮਾ ਅਤੇ ਹੋਰ ਸਥਾਨਕ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਜਦੋਂ ਪੱਤਰਕਾਰਾਂ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅਧੀਨ ਹਨ, ਫਿਰ ਵੀ ਨਸ਼ੀਲੇ ਪਦਾਰਥ ਪੰਜਾਬ ਤੱਕ ਪਹੁੰਚ ਜਾਂਦੇ ਹਨ, ਤਾਂ ਭਾਟੀਆ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ੇ ਆਉਣ ਦਾ ਮੁੱਦਾ ਆਪਣੀ ਥਾਂ ਹੈ, ਪਰ ਪੰਜਾਬ ਸਰਕਾਰ ਸੂਬੇ ਦੇ ਅੰਦਰ ਨਸ਼ਿਆਂ ਦੀ ਸਪਲਾਈ ਅਤੇ ਵੰਡ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਹੋਮ ਡਿਲੀਵਰੀ ਹੋ ਰਹੀ ਹੈ ਅਤੇ ਇਹ ਪੀਜ਼ਾ ਦੀ ਡਿਲੀਵਰੀ ਨਾਲੋਂ ਵੀ ਤੇਜ਼ੀ ਨਾਲ ਲੋਕਾਂ ਤੱਕ ਪਹੁੰਚ ਰਹੇ ਹਨ।
ਭਾਟੀਆ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਭ੍ਰਿਸ਼ਟਾਚਾਰ ਕਾਰਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਭਿਆਨਕ ਰੂਪ ਧਾਰ ਚੁੱਕੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੰਜਾਬ ਵਿੱਚ ਪੁਲੀਸ ’ਤੇ ਉੱਚ ਲੀਡਰਸ਼ਿਪ ਵੱਲੋਂ ਨਸ਼ਾ ਤਸਕਰਾਂ ਨੂੰ ਬਚਾਉਣ ਲਈ ਦਬਾਅ ਬਣਾਇਆ ਜਾਂਦਾ ਹੈ। ਉਨ੍ਹਾਂ ਦੇ ਅਨੁਸਾਰ ਭਾਜਪਾ ਸ਼ਾਸਿਤ ਰਾਜਾਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਕਾਰਵਾਈ ਹੁੰਦੀ ਹੈ, ਜਦਕਿ ਪੰਜਾਬ ਪੁਲੀਸ ਨੂੰ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਨਾਲ ਨਜਿੱਠਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਭਾਟੀਆ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਸਥਾਈ ਹੱਲ ਸਿਰਫ਼ ਭਾਜਪਾ ਹੀ ਕਰ ਸਕਦੀ ਹੈ ਅਤੇ ਪਾਰਟੀ ਨੂੰ ਮੌਕਾ ਮਿਲਣ ’ਤੇ ਨਸ਼ਾ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਖ਼ਿਲਾਫ਼ ਸਖ਼ਤ ਮੁਹਿੰਮ ਚਲਾਈ ਜਾਵੇਗੀ।

