ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ ਡਰੱਗ ਰੈਕੇਟ ਦਾ ਪਰਦਾਫਾਸ਼ ਹੋਣ ਦੀ ਉਮੀਦ: ਚੀਮਾ
ਵਿੱਤ ਮੰਤਰੀ ਤੇ ‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ ਸਾਲ 2015 ਦੇ ਡਰੱਗ ਰੈਕੇਟ ਦੇ ਮੁਲਜ਼ਮਾਂ ਦਾ ਪਰਦਾਫਾਸ਼ ਹੋ ਸਕਦਾ ਹੈ। ਇਹ ਗੱਲ ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਕਥਿਤ ਸਬੰਧਾਂ ਕਰਕੇ ਮਾਮਲੇ ਵਿੱਚ ਦੇਰੀ ਹੋਈ ਹੈ।
ਸ੍ਰੀ ਚੀਮਾ ਨੇ ਕਿਹਾ ਕਿ ਜੋਗਾ ਸਿੰਘ 28 ਸਤੰਬਰ 2023 ਨੂੰ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਤੋਂ ਹੀ ਫ਼ਰਾਰ ਚੱਲ ਰਿਹਾ ਸੀ। ਅਕਤੂਬਰ 2023 ਵਿੱਚ ਫਾਜ਼ਿਲਕਾ ਦੀ ਸੈਸ਼ਨ ਅਦਾਲਤ ਅਤੇ ਜਨਵਰੀ 2024 ਵਿੱਚ ਹਾਈ ਕੋਰਟ ਨੇ ਉਸ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਕਈ ਪੁਲੀਸ ਛਾਪਿਆਂ ਦੇ ਬਾਵਜੂਦ ਉਹ ਪੁਲੀਸ ਦੇ ਹੱਥ ਨਾ ਲੱਗਿਆ। ਨਵੰਬਰ 2023 ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਵੱਲੋਂ ਜਾਰੀ ਕੀਤੇ ਗਏ ਲੁੱਕ ਆਊਟ ਸਰਕੂਲਰ (ਐੱਲਓਸੀ) ਕਾਰਨ ਆਸਟਰੇਲੀਆ ਭੱਜਣ ਦੀ ਕੋਸ਼ਿਸ਼ ਕਰਦੇ ਜੋਗਾ ਸਿੰਘ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਹਿਰਾਸਤ ਵਿੱਚ ਲੈ ਲਿਆ। ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆ ਕੇ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦਾ ਪੰਜ ਦਿਨਾਂ ਦਾ ਪੁਲੀਸ ਰਿਮਾਂਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਜੋਗਾ ਸਿੰਘ ਤੋਂ ਪੁੱਛਗਿਛ ਕੀਤੀ ਜਾਵੇਗੀ, ਜਿਸ ਵਿੱਚ ਹੋਰ ਕਈ ਖੁਲਾਸੇ ਹੋਣ ਦੀ ਉਮੀਦ ਹੈ।