ਪੰਜਾਬ ’ਚ ਦੋ-ਤਿੰਨ ਦਿਨ ਬਾਅਦ ਗਰਮੀ ਤੋਂ ਰਾਹਤ ਦੀ ਉਮੀਦ
ਚੰਡੀਗੜ੍ਹ (ਆਤਿਸ਼ ਗੁਪਤਾ): ਪੰਜਾਬ ਵਿੱਚ ਪਿਛਲੇ ਇਕ ਹਫ਼ਤੇ ਤੋਂ ਪੈ ਰਹੀ ਅਤਿ ਦੀ ਗਰਮੀ ਤੋਂ ਲੋਕਾਂ ਨੂੰ ਦੋ-ਤਿੰਨ ਮਾਮੂਲੀ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਅਗਲੇ 2-3 ਦਿਨ ਤਾਪਮਾਨ ’ਚ ਮਾਮੂਲੀ ਗਿਰਾਵਟ ਅਤੇ ਕਿਤੇ-ਕਿਤੇ ਮੀਂਹ ਪੈਣ ਤੇ ਹਨੇਰੀ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਇਸ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ’ਚ ਸਾਰਾ ਦਿਨ ਗਰਮੀ ਦਾ ਕਹਿਰ ਜਾਰੀ ਰਿਹਾ ਹੈ, ਜਿੱਥੇ ਤਾਪਮਾਨ 3.5 ਡਿਗਰੀ ਤੱਕ ਵੱਧ ਦਰਜ ਕੀਤਾ ਗਿਆ। ਅੱਜ ਪੰਜਾਬ ਵਿੱਚ ਬਠਿੰਡਾ ਏਅਰਪੋਰਟ ਸਭ ਤੋਂ ਗਰਮ ਰਿਹਾ ਹੈ। ਬਠਿੰਡਾ ਏਅਰਪੋਰਟ ’ਤੇ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਉੱਧਰ ਸਾਰਾ ਦਿਨ ਤਿੱਖੀ ਧੁੱਪ ਕਰਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਤੇ ਸਾਰਾ ਦਿਨ ਸੜਕਾਂ ’ਤੇ ਸੰਨਾਟਾ ਪਸਰਿਆ ਰਿਹਾ ਹੈ।ਗਰਮੀ ਵਧਣ ਕਰਕੇ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਮੁੜ ਤੋਂ ਵੱਧ ਗਈ ਹੈ। ਅੱਜ ਪੰਜਾਬ ਵਿੱਚ ਬਿਜਲੀ ਦੀ ਵੱਧ ਤੋਂ ਵੱਧ ਮੰਗ 16,400 ਮੈਗਾਵਾਟ ਤੋਂ ਟੱਪ ਗਈ ਹੈ। ਬਿਜਲੀ ਦੀ ਮੰਗ ਵਧਣ ਕਰਕੇ ਪੰਜਾਬ ਵਿੱਚ ਸਥਿਤ ਨਿੱਜੀ ਤੇ ਸਰਕਾਰੀ ਖੇਤਰ ਦੇ 5 ਥਰਮਲ ਪਲਾਂਟਾ ਦੇ ਸਾਰੇ 15 ਯੂਨਿਟ ਵੀ ਕਾਰਜਸ਼ੀਲ ਰਹੇ।