ਤਪਿਆ ਪੰਜਾਬ: ਬਠਿੰਡਾ ਸਭ ਤੋਂ ਵੱਧ ਗਰਮ
ਆਤਿਸ਼ ਗੁਪਤਾ
ਚੰਡੀਗੜ੍ਹ, 12 ਜੂਨ
ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਨੇੜੇ ਪਹੁੰਚ ਗਿਆ ਹੈ। ਇਹ ਤਾਪਮਾਨ ਆਮ ਨਾਲੋਂ 5.3 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਗਰਮੀ ਵਧਣ ਦੇ ਨਾਲ ਹੀ ਲੋਕਾਂ ਦੀਆਂ ਸਮੱਸਿਆਵਾਂ ਵੀ ਵਧ ਗਈਆਂ ਹਨ ਤੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਦਿਹਾੜੀਦਾਰ ਕਾਮਿਆਂ ਨੂੰ ਵਧੇਰੇ ਮੁਸ਼ਕਲਾਂ ਝੱਲਣੀਆਂ ਪੈ ਰਹੀਆਂ ਹਨ। ਅੱਜ ਪੰਜਾਬ ਵਿੱਚ ਬਠਿੰਡਾ ਸਭ ਤੋਂ ਵੱਧ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਮੌਸਮ ਵਿਭਾਗ ਨੇ ਭਲਕੇ 13 ਜੂਨ ਲਈ ਰੈੱਡ ਅਤੇ 14 ਜੂਨ ਲਈ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗਰਮ ਹਵਾਵਾਂ ਚੱਲਣਗੀਆਂ ਅਤੇ ਤਾਪਮਾਨ ਵਿੱਚ ਹੋਰ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਸੂਬੇ ਵਿੱਚ ਗਰਮੀ ਵਧਣ ਕਾਰਨ ਬਿਜਲੀ ਦੀ ਮੰਗ ਵੀ ਸਿਖਰ ’ਤੇ ਪਹੁੰਚੀ ਹੋਈ ਹੈ। ਅੱਜ ਪੰਜਾਬ ਵਿੱਚ ਬਿਜਲੀ ਦੀ ਮੰਗ 16,300 ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ, ਹਾਲਾਂਕਿ ਕਿ ਇਹ ਲੰਘੇ ਦਿਨ ਨਾਲੋਂ 500 ਮੈਗਾਵਾਟ ਮੰਗ ਘੱਟ ਹੈ। ਪੰਜਾਬ ਵਿੱਚ ਬਠਿੰਡਾ ਸਭ ਤੋਂ ਵੱਧ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 46.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 44.9 ਡਿਗਰੀ ਸੈਲਸੀਅਸ, ਬਠਿੰਡਾ ਸ਼ਹਿਰ ਵਿੱਚ 45.5 ਡਿਗਰੀ ਸੈਲਸੀਅਸ, ਫ਼ਰੀਦਕੋਟ ਵਿੱਚ 44.5 ਡਿਗਰੀ ਸੈਲਸੀਅਸ, ਫ਼ਾਜ਼ਿਲਕਾ ਵਿੱਚ 44.2 ਡਿਗਰੀ ਸੈਲਸੀਅਸ, ਫ਼ਿਰੋਜ਼ਪੁਰ ਵਿੱਚ 44.4 ਡਿਗਰੀ ਸੈਲਸੀਅਸ ਅਤੇ ਸਮਰਾਲਾ ਵਿੱਚ 45.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ। ਇਸੇ ਤਰ੍ਹਾਂ ਲੁਧਿਆਣਾ ਸ਼ਹਿਰ ਵਿੱਚ 43.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 43.5 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 43 ਡਿਗਰੀ ਸੈਲਸੀਅਸ, ਸੰਗਰੂਰ ਵਿੱਚ 43.5 ਡਿਗਰੀ ਸੈਲਸੀਅਸ, ਜਲੰਧਰ ਵਿੱਚ 42.4 ਡਿਗਰੀ ਸੈਲਸੀਅਸ, ਮੋਗਾ ਵਿੱਚ 42.7 ਡਿਗਰੀ ਸੈਲਸੀਅਸ, ਚੰਡੀਗੜ੍ਹ ਵਿੱਚ 41.7 ਡਿਗਰੀ ਸੈਲਸੀਅਸ, ਫਤਹਿਗੜ੍ਹ ਸਾਹਿਬ ਵਿੱਚ 41.6 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 41.3 ਡਿਗਰੀ ਸੈਲਸੀਅਸ ਅਤੇ ਰੂਪਨਗਰ ਵਿੱਚ 41.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।
ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
ਪੰਜਾਬ ਦੇ ਸਿਹਤ ਵਿਭਾਗ ਨੇ ਵੀ ਗਰਮੀ ਵਧਣ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਵਾਰ-ਵਾਰ ਪਾਣੀ ਪੀਣ ਅਤੇ ਬਾਹਰ ਨਿਕਲਦੇ ਸਮੇਂ ਪਾਣੀ ਨਾਲ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੱਚੇ, ਗਰਭਵਤੀ ਔਰਤਾਂ, ਬਜ਼ੁਰਗਾਂ ਜਾਂ ਕਿਸੇ ਵੀ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਪੀੜਤਾਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਸੂਬਾ ਵਾਸੀਆਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਾਹਰੀ ਗਤੀਵਿਧੀਆਂ ਤੋਂ ਬਚਣ, ਹਲਕੇ, ਢਿੱਲੇ ਸੂਤੀ ਕੱਪੜੇ ਪਾਉਣ ਅਤੇ ਬਾਹਰ ਨਿਕਲਦੇ ਸਮੇਂ ਸਿਰ ਢਕਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਫਲ ਖਾਣ, ਨਿੰਬੂ ਪਾਣੀ, ਲੱਸੀ ਤੇ ਨਾਰੀਅਲ ਪਾਣੀ ਆਦਿ ਪੀਣ ਦੀ ਅਪੀਲ ਕੀਤੀ ਹੈ।