ਕੋਲਕਾਤਾ, 2 ਮਾਰਚ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਕਿਹਾ ਕਿ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਜ਼ਿੰਮੇਵਾਰੀ ਕੇਂਦਰ ਦੀ ਹੈ ਅਤੇ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਰਾਜਨੀਤੀ ਤੋਂ ਵਧ ਮਨੁੱਖਤਾ ਮਹੱਤਵਪੂਰਨ ਹੈ। ਉਨ੍ਹਾਂ ਕੇਂਦਰ ਦੀ ਐਨਡੀਏ ਸਰਕਾਰ ਤੋਂ ਸ਼ਾਂਤੀਵਾਰਤਾ ਦੀ ਅਗਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ‘‘ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣਾ ਕੇਂਦਰ ਦੀ ਜ਼ਿੰਮੇਵਾਰੀ ਹੈ । ਕੇਂਦਰ ਫਸੇ ਹੋਏ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਏ। ਮੈਂ ਜੰਗ ਦੇ ਨਹੀਂ, ਸ਼ਾਂਤੀ ਦੇ ਹੱਕ ਵਿੱਚ ਹਾਂ। ਕੋਵਿਡ-19 ਮਹਾਮਾਰੀ ਨੇ ਪਹਿਲਾਂ ਹੀ ਬਹੁਤ ਕੁਝ ਤਬਾਹ ਕਰ ਦਿੱਤਾ ਹੈ। ਭਾਰਤ ਵਿਸ਼ਵ ਸ਼ਾਂਤੀ ਬਣਾਈ ਰੱਖਣ ਲਈ ਗੱਲਬਾਤ ਦੀ ਅਗਵਾਈ ਕਰ ਸਕਦਾ ਹੈ। ’’ ਮੁੱਖ ਮੰਤਰੀ ਬੈਨਰਜੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਸਮਾਜਵਾਦੀ ਪਾਰਟੀ ਲਈ ਪ੍ਰਚਾਰ ਕਰਨ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। -ਏਜੰਸੀ