ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 10 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਦੇ ਬਾਹਰ ਚੱਲ ਰਿਹਾ ਰੇਲ ਰੋਕੋ ਅੰਦੋਲਨ 109ਵੇਂ ਦਿਨ ਅਤੇ ਨਿਜਰਪੁਰਾ ਟੌਲ ਪਲਾਜ਼ੇ ’ਤੇ ਆਰੰਭੀ ਭੁੱਖ ਹੜਤਾਲ ਅੱਜ 14ਵੇਂ ਦਿਨ ਵੀ ਜਾਰੀ ਰਹੀ। ਅੱਜ ਕਿਸਾਨਾਂ ਨੇ ਨਿਜਰਪੁਰਾ ਟੌਲ ਪਲਾਜ਼ੇ ’ਤੇ ਧਰਨੇ ਦੇ 100 ਦਿਨ ਪੂਰੇ ਹੋਣ ’ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਹ ਪ੍ਰਗਟਾਇਆ। ਇੱਥੇ ਪਿੰਗਲਵਾੜਾ ਦੇ ਮੁੱਖ ਸੇਵਾਦਾਰ ਬੀਬੀ ਇੰਦਰਜੀਤ ਕੌਰ, ਮਾਸਟਰ ਰਾਜਬੀਰ ਸਿੰਘ ਮੈਂਬਰ ਪਿੰਗਲਵਾੜਾ ਟਰੱਸਟ ਤੇ ਪਿੰਗਲਵਾੜਾ ਦੇ ਬੱਚਿਆਂ ਸਮੇਤ ਭਾਈ ਹਰਜਿੰਦਰ ਸਿੰਘ ਰੋਮੀ ਅਖੰਡ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਧਰਨਾ ਸਥਾਨ ’ਤੇ ਟਾਈਗਰ ਕਲੱਬ ਅੰਮ੍ਰਿਤਸਰ ਨੇ ਗੁਰੂ ਦਾ ਅਤੁੱਟ ਲੰਗਰ ਵਰਤਾਇਆ। ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਦੀਪ ਸਿੰਘ ਚਾਟੀਵਿੰਡ ਤੇ ਮੰਗਲ ਸਿੰਘ ਰਾਮਪੁਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਵੱਖ-ਵੱਖ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਵਿੱਚ ਖੇਤੀ ਕਨੂੰਨਾਂ ਦੀਆਂ ਕਾਪੀਆਂ ਸਾੜਣਗੇ। ਇਸੇ ਤਰ੍ਹਾਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨਾਂ-ਮਜ਼ਦੂਰਾਂ ਨੇ ਮਿਲ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅੱਜ ਜ਼ੋਨ ਪ੍ਰਧਾਨ ਸਾਹਬ ਸਿੰਘ ਦੀਨੇਕੇ ਦੀ ਅਗਵਾਈ ਹੇਠ ਕਿਸਾਨਾਂ ਦਾ ਜਥਾ ਅੰਦੋਲਨ ਵਿੱਚ ਸ਼ਾਮਲ ਹੋਇਆ। ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ 12 ਜਨਵਰੀ ਨੂੰ ਅੰਮ੍ਰਿਤਸਰ ਤੋਂ ਜਥਾ ਦਿੱਲੀ ਦੇ ਕੁੰਡਲੀ ਬਾਰਡਰ ’ਤੇ ਲੱਗੇ ਮੋਰਚੇ ਲਈ ਰਵਾਨਾ ਹੋਵੇਗਾ। ਇਸੇ ਤਰ੍ਹਾਂ ਦਿੱਲੀ ਦੀ ਕੁੰਡਲੀ ਹੱਦ ’ਤੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ ਮੋਰਚਾ ਨਿਰੰਤਰ ਜਾਰੀ ਹੈ।