ਪਤਨੀ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਪਤੀ ਦਾ ਕਤਲ
ਇੱਥੋਂ ਦੇ ਪਿੰਡ ਭਬਾਤ ’ਚ ਪਤਨੀ ਨਾਲ ਛੇੜਛਾੜ ਕਰਨ ਤੋਂ ਰੋਕਣ ’ਤੇ ਪਰਵਾਸੀ ਮਜ਼ਦੂਰ ਨੇ ਆਪਣੇ ਹੀ ਸਾਥੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਮੋਦ ਕੁਮਾਰ (40) ਅਤੇ ਮੁਲਜ਼ਮ ਦੀ ਪਛਾਣ ਫੈਜ਼ਾਨ ਵਜੋਂ ਹੋਈ ਹੈ। ਪੁਲੀਸ ਨੇ ਮ੍ਰਿਤਕ ਪ੍ਰਮੋਦ ਕੁਮਾਰ ਦੀ ਪਤਨੀ ਮਾਲਤੀ ਦੇ ਬਿਆਨਾਂ ਦੇ ਆਧਾਰ ’ਤੇ ਫੈਜ਼ਾਨ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮ੍ਰਿਤਕਾ ਦੀ ਪਤਨੀ ਮਾਲਤੀ ਨੇ ਦੱਸਿਆ ਕਿ ਉਹ ਆਪਣੇ ਪਤੀ ਪ੍ਰਮੋਦ ਕੁਮਾਰ ਅਤੇ ਚਾਰ ਬੱਚਿਆਂ ਨਾਲ ਭਬਾਤ ਵਿੱਚ ਕਿਰਾਏ ਦੇ ਮਕਾਨ ’ਤੇ ਪਹਿਲੀ ਮੰਜ਼ਿਲ ’ਤੇ ਰਹਿੰਦੀ ਹੈ। ਇਸੇ ਘਰ ਦੇ ਹੇਠਾਂ ਫੈਜ਼ਾਨ ਵੀ ਆਪਣੇ ਪਰਿਵਾਰ ਨਾਲ ਕਿਰਾਏ ’ਤੇ ਰਹਿੰਦਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਅੱਜ ਤੜਕੇ ਜਦੋਂ ਉਹ ਘਰ ਦਾ ਕੰਮ ਕਰ ਰਹੀ ਸੀ ਤਾਂ ਫੈਜ਼ਾਨ ਉਸ ਨਾਲ ਛੇੜਛਾੜ ਕਰਨ ਲੱਗ ਪਿਆ। ਇਸ ਬਾਰੇ ਪਤਾ ਲੱਗਣ ’ਤੇ ਪ੍ਰਮੋਦ ਕੁਮਾਰ ਨੇ ਜਦੋਂ ਵਿਰੋਧ ਕੀਤਾ ਤਾਂ ਫੈਜ਼ਾਨ ਨੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਚੰਡੀਗੜ੍ਹ ਸੈਕਟਰ-32 ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮੁਖੀ ਇੰਸਪੈਕਟਰ ਸਤਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਉਨ੍ਹਾਂ ਮੁਲਜ਼ਮ ਫੈਜ਼ਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਮੁਲਜ਼ਮ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।