ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਅਗਸਤ
ਹਲਕਾ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਉਹ ਰਾਸ਼ਟਰਪਤੀ ਚੋਣਾਂ ਮੌਕੇ ਲਏ ਸਟੈਂਡ ’ਤੇ ਅੱਜ ਵੀ ਕਾਇਮ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਅਹੁਦੇ ਦਾ ਕੋਈ ਲਾਲਚ ਨਹੀਂ ਹੈ। ਹਾਲਾਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਆਲੀ ਨਾਲ ਮੁਲਾਕਾਤ ਕੀਤੀ ਸੀ ਜਿਸ ਮਗਰੋਂ ਇਹ ਜਾਪਦਾ ਸੀ ਕਿ ਇਆਲੀ ਦੇ ਸੁਰ ਮੱਠੇ ਪੈ ਜਾਣਗੇ। ਅੱਜ ਇਆਲੀ ਨੇ ਇੱਕ ਵੀਡੀਓ ਜਨਤਕ ਕਰਕੇ ਆਪਣੇ ਸਟੈਂਡ ’ਤੇ ਕਾਇਮ ਰਹਿਣ ਦੀ ਪੁਸ਼ਟੀ ਕੀਤੀ ਹੈ। ਚੇਤੇ ਰਹੇ ਕਿ ਵਿਧਾਇਕ ਨੇ ਰਾਸ਼ਟਰਪਤੀ ਚੋਣ ਦਾ ਬਾਈਕਾਟ ਕੀਤਾ ਸੀ ਅਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਸੁਆਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਇਕਬਾਲ ਸਿੰਘ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ। ਉਸ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਝੂੰਦਾ ਕਮੇਟੀ ਦੀ ਰਿਪੋਰਟ ’ਤੇ ਚਰਚਾ ਕੀਤੀ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ। ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਲੈ ਕੇ ਅਕਾਲੀ ਲੀਡਰਸ਼ਿਪ ’ਤੇ ਉਂਗਲ ਚੁੱਕੀ ਸੀ। ਇਆਲੀ ਨੇ ਅੱਜ ਦੱਸਿਆ ਕਿ ਉਨ੍ਹਾਂ ਨੇ ਝੂੰਦਾ ਕਮੇਟੀ ਦੇ ਸੁਝਾਅ ਬਾਰੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਵੀ ਮਸ਼ਵਰਾ ਕੀਤਾ ਸੀ। ਉਨ੍ਹਾਂ ਦਾ ਇੱਕੋ ਏਜੰਡਾ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਅਫ਼ਵਾਹਾਂ ਹਨ ਕਿ ਉਹ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋਣਗੇ। ਉਨ੍ਹਾਂ ਦਾ ਕਿਸੇ ਨਾਲ ਕੋਈ ਜਾਤੀ ਵਿਰੋਧ ਵੀ ਨਹੀਂ ਹੈ। ਇਸ ਵੇਲੇ ਰਾਜਨੀਤੀ ਵਿਚ ਨਵੀਂ ਸ਼ੁਰੂਆਤ ਕਰਨ ਦੀ ਲੋੜ ਹੈ ਤਾਂ ਹੀ ਉਸਾਰੂ ਸਮਾਜ ਸਿਰਜਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਜੇ ਸਰਕਾਰ ਕੋਈ ਉਪਰਾਲਾ ਕਰਦੀ ਹੈ ਤਾਂ ਸਵਾਗਤ ਕਰਨਾ ਬਣਦਾ ਹੈ।