I Love Muhammad: ਦੋ ਭਾਈਚਾਰਿਆਂ ਵਿਚਾਲੇ ਝੜਪ ਮਗਰੋਂ ਬਣਿਆ ਤਣਾਅ
ਪੰਜਾਬ ਦੇ ਜਲੰਧਰ ਵਿੱਚ ਸ਼ੁੱਕਰਵਾਰ ਨੂੰ ਉਸ ਸਮੇਂ ਸਥਿਤ ਤਣਾਅ ਵਾਲੀ ਹੋ ਗਈ ਜਦੋਂ ਦੋ ਭਾਈਚਾਰਿਆਂ ਦੇ ਮੈਂਬਰ ਆਪਸ ਵਿੱਚ ਭਿੜ ਗਏ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਸਮੂਹ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ‘ਆਈ ਲਵ ਮੁਹੰਮਦ’ ਮੁਹਿੰਮ ਨਾਲ ਸਬੰਧਤ ਗ੍ਰਿਫ਼ਤਾਰੀਆਂ ਦੇ ਸਬੰਧ ਵਿੱਚ ਅਧਿਕਾਰੀਆਂ ਮੰਗ ਪੱਤਰ ਦੇਣ ਗਿਆ ਸੀ।
ਪੁਲੀਸ ਨੇ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਇੱਕ ਸੰਸਥਾ ਦੇ ਬੈਨਰ ਹੇਠ ਇਕੱਠੇ ਹੋਏ ਇੱਕ ਭਾਈਚਾਰੇ ਦੇ ਮੈਂਬਰਾਂ ਨੇ ਉੱਤਰ ਪ੍ਰਦੇਸ਼ ਪੁਲੀਸ ਵੱਲੋਂ ਬਰੇਲੀ ਵਿੱਚ ‘ਆਈ ਲਵ ਮੁਹੰਮਦ’ ਮੁਹਿੰਮ ਦੇ ਸਬੰਧ ਵਿੱਚ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ, ਜਿਨ੍ਹਾਂ ਵਿੱਚ ਇੱਕ ਮੌਲਵੀ ਦੀ ਗ੍ਰਿਫ਼ਤਾਰੀ ਵੀ ਸ਼ਾਮਲ ਹੈ, ਦੇ ਵਿਰੋਧ ਵਿੱਚ ਰੋਸ ਮਾਰਚ ਕੱਢਿਆ। ਮਾਰਚ ਤੋਂ ਬਾਅਦ ਜਦੋਂ ਸਮੂਹ ਦੇ ਮੈਂਬਰ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਲਈ ਇਕੱਠੇ ਹੋਏ ਤਾਂ ਉੱਥੋਂ ਲੰਘ ਰਹੇ ਦੂਜੇ ਭਾਈਚਾਰੇ ਦੇ ਇੱਕ ਨੌਜਵਾਨ ਨਾਲ ਉਨ੍ਹਾਂ ਦੀ ਬਹਿਸ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਉਸ ਨੇ ਧਾਰਮਿਕ ਨਾਅਰੇ ਲਗਾਏ, ਜਦਕਿ ਨੌਜਵਾਨ ਨੇ ਦਾਅਵਾ ਕੀਤਾ ਕਿ ਉਸ ਨੂੰ ਰੋਕਿਆ ਗਿਆ, ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਸਥਾਨਕ ਲੋਕਾਂ ਵੱਲੋਂ ਬਚਾਏ ਜਾਣ ਤੋਂ ਪਹਿਲਾਂ ਉਸ ਦੇ ਸਕੂਟਰ ਦੀਆਂ ਚਾਬੀਆਂ ਖੋਹ ਲਈਆਂ ਗਈਆਂ। ਇਸ ਮਗਰੋਂ ਸ਼ਾਮ ਨੂੰ ਕੁਝ ਸਥਾਨਕ ਹਿੰਦੂ ਭਾਈਚਾਰੇ ਦੇ ਆਗੂਆਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਪੁਲੀਸ ਨੇ ਨੌਜਵਾਨ ਦੇ ਬਿਆਨ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਘਟਨਾ ਤੋਂ ਬਾਅਦ ਜਲੰਧਰ ਛਾਉਣੀ ਤੋਂ ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਸਾਰੇ ਭਾਈਚਾਰਿਆਂ ਨੂੰ ਸ਼ਾਂਤੀ ਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਹਮੇਸ਼ਾ ਸਦਭਾਵਨਾ ਨਾਲ ਰਿਹਾ ਹੈ ਅਤੇ ਕਿਸੇ ਨੂੰ ਵੀ ਇਸ ਏਕਤਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸਾਰਿਆਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਸ਼ਾਂਤੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਵੇ।