ਖਮਾਣੋਂ (ਜਗਜੀਤ ਕੁਮਾਰ): ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਆਜ਼ਾਦ ਉਮੀਦਵਾਰ ਡਾ. ਮਨੋਹਰ ਸਿੰਘ ਵਲੋਂ ਚੋਣ ਦਫ਼ਤਰ ਦਾ ਉਦਘਾਟਨ ਦਾਣਾ ਮੰਡੀ ਖਮਾਣੋਂ ਵਿਖੇ ਲੋਕਾਂ ਦੇ ਜੁੜੇ ਵੱਡੇ ਇਕੱਠ ਦੌਰਾਨ ਕੀਤਾ ਗਿਆ। ਇਸ ਮੌਕੇ ਸ਼ਹਿਰ ਨਿਵਾਸੀਆਂ ਤੇ ਇਲਾਕਾ ਨਿਵਾਸੀਆਂ ਵੱਲੋਂ ਡਾ. ਮਨੋਹਰ ਸਿੰਘ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਗਿਆ। ਡਾ ਮਨੋਹਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੌਜੂਦਾ ਵਿਧਾਇਕ ਵੱਲੋਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਬੁਰੀ ਤਰ੍ਹਾਂ ਨਾਲ ਪੱਛੜ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਹ ਚੋਣ ਹਰ ਹੀਲੇ ਲੜਨਗੇ ਕਿਉਂਕਿ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਲੋਕਾਂ ਵੱਲੋਂ ਹੀ ਉਨ੍ਹਾਂ ਨੂੰ ਇਹ ਚੋਣ ਲੜਾਈ ਜਾ ਰਹੀ ਹੈ ਤੇ ਉਹ ਇਸ ਹਲਕੇ ਦੇ ਲੋਕਾਂ ਨੂੰ ਧੋਖਾ ਨਹੀਂ ਦੇਣਗੇ।