ਪੱਤਰ ਪ੍ਰੇਰਕ
ਭਾਈਰੂਪਾ, 9 ਅਕਤੂਬਰ
ਪੰਜਾਬੀ ਮਾਂ ਬੋਲੀ ਸੰਘਰਸ਼ ਕਮੇਟੀ ਦੇ ਆਗੂ ਲੱਖਾ ਸਿਧਾਣਾ ਨੇ ਮਹਿਰਾਜ ਦੀ ਦਾਣਾ ਮੰਡੀ ਵਿਚ ਰੱਖੀ ਰੈਲੀ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਸੀ ਜੋ ਹੁਣ ਵਾਪਸ ਲੈ ਲਿਆ ਹੈ। ਸ੍ਰੀ ਸਿਧਾਣਾ ਨੇ ਕਿਹਾ ਕਿ ਪੰਜਾਬ ਤੇ ਪੰਜਾਬੀਅਤ ਲਈ ਉਹ ਹਰ ਲੜਾਈ ਲੜਨ ਲਈ ਤਿਆਰ ਹਨ। ਉਹ ਕਦੇ ਵੀ ਪੰਜਾਬ ਤੇ ਪੰਜਾਬੀਅਤ ਦੇ ਮਸਲੇ ਵਿੱਚ ਪਿੱਠ ਨਹੀਂ ਵਿਖਾਉਣਗੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਏਜੰਸੀਆਂ ਪੰਜਾਬ ਵਿੱਚ ਨੌਜਵਾਨਾਂ ਦਾ ਕਤਲ ਕਰਵਾ ਰਹੀਆਂ ਹਨ। ਇਸ ਮੌਕੇ ਸੰਸਦ ਮੈਂਬਰ ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਨੌਜਵਾਨਾਂ ਦੀ ਆਵਾਜ਼ ਬੰਦ ਕਰਨ ਲਈ ਝੂਠੇ ਪਰਚ਼ੇ ਪਾ ਕੇ ਜੇਲ੍ਹਾਂ ਵਿੱਚ ਰੱਖਣਾ ਚਾਹੁੰਦੀ ਹੈ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸੁਖਪਾਲ ਖਹਿਰਾ ਨੇ ਕਿਹਾ ਕਿ ਲੱਖਾ ਸਿਧਾਣਾ ’ਤੇ ਸਰਕਾਰ ਨੇ ਸਾਜ਼ਿਸ਼ ਤਹਿਤ ਝੂਠਾ ਕੇਸ ਦਰਜ ਕੀਤਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬੀਆਂ ਨੂੰ ਮਰਵਾਇਆ ਤਾਂ ਜਾ ਸਕਦਾ ਹੈ ਪਰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਘਵ ਚੱਢਾ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਹੈ ਜਿਸ ਦਾ ਬੋਝ ਪੰਜਾਬੀਆਂ ਸਿਰ ਪੈ ਰਿਹਾ ਹੈ।
ਇਸ ਮੌਕੇ ਵਾਰਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ, ਭਾਨਾ ਸਿੱਧੂ, ਰੁਪਿੰਦਰ ਸਿੰਘ, ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੱਧੂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਨੇ ਸੰਬੋਧਨ ਕੀਤਾ।