ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਜੂਨ
ਸ਼੍ਰੋਮਣੀ ਅਕਾਲੀ ਦਲ, ਬਸਪਾ ਗੱਠਜੋੜ ਅਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਅੱਜ ਇੱਥੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅੱਜ ਨੋਟੀਫਿਕੇਸ਼ਨ ਜਾਰੀ ਕਰ ਦੇਵੇ ਤਾਂ ਉਹ ਸੰਗਰੂਰ ਜ਼ਿਮਨੀ ਚੋਣ ਤੋਂ ਲਾਂਭੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਾਂ ਵਿੱਚੋਂ ਉਮੀਦਵਾਰ ਖੜ੍ਹਾ ਕਰਨ ਦੀ ਕੀਤੀ ਗਈ ਹਦਾਇਤ ਮਗਰੋਂ ਪੰਥਕ ਧਿਰਾਂ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ। ਕਮਲਦੀਪ ਕੌਰ ਨੇ ਕਿਹਾ ਕਿ ਉਹ ਸਿਰਫ਼ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਲਈ ਹੀ ਸੰਗਰੂਰ ਸੰਸਦੀ ਹਲਕੇ ਤੋਂ ਚੋਣ ਮੈਦਾਨ ਵਿੱਚ ਹਨ।