ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 21 ਜੂਨ
ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਸਰਗਰਮੀ ਸਿਖਰ ’ਤੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਦਿੜ੍ਹਬਾ ਅਤੇ ਹਲਕੇ ਦੇ ਪਿੰਡ ਮਹਿਲਾਂ, ਮੌੜਾਂ, ਘਰਾਟ, ਖਨਾਲਕਲਾਂ, ਰੋਗਲਾ, ਕੌਹਰੀਆਂ ਆਦਿ ਦਰਜਨਾਂ ਪਿੰਡਾਂ ਵਿੱਚ ਰੋਡ ਸ਼ੋਅ ਕੀਤੇ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਰੋਡ ਸ਼ੋਅ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ (ਬਾਦਲ), ਬੀਜੇਪੀ ਤੇ ਕਾਂਗਰਸ ਦਾ ਰਿਮੋਟ ਕੰਟਰੋਲ ਦਿੱਲੀ ਦੇ ਹੱਥ ਵਿੱਚ ਸੀ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਰਿਮੋਟ ਕੰਟਰੋਲ ਅਰਵਿੰਦ ਕੇਜਰੀਵਾਲ ਦੇ ਹੱਥ ਵਿੱਚ ਹੈ, ਜਿਸ ਦੀ ਅਸਫ਼ਲਤਾ ਤਿੰਨ ਮਹੀਨਿਆਂ ਵਿੱਚ ਹੀ ਸਾਹਮਣੇ ਆ ਗਈ ਹੈ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵਿੱਚ ਜਾ ਕੇ ਉਹ ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਪੰਜਾਬ ਦੇ ਸਾਰੇ ਵਰਗਾਂ ਤੋਂ ਇਲਾਵਾ ਪੰਜਾਬ ਦੇ ਹਿਤਾਂ ਲਈ ਆਵਾਜ਼ ਬੁਲੰਦ ਕਰਨਗੇ।
ਚੀਮਾ ਮੰਡੀ (ਜਸਵੰਤ ਸਿੰਘ ਗਰੇਵਾਲ): ਸਿਮਰਨਜੀਤ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਧਰਮ ਦੇ ਨਾਂ ’ਤੇ ਲੋਕਾਂ ਨੂੰ ਲੜਾ ਰਹੀਆਂ ਹਨ ਤੇ ਲੋਕ ਇਨ੍ਹਾਂ ਪਾਰਟੀਆਂ ਦੀਆਂ ਚਾਲਾਂ ਤੋਂ ਗੁੰਮਰਾਹ ਨਾ ਹੋਣ।
ਧੂਰੀ (ਹਰਦੀਪ ਸੋਢੀ): ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਥੇ ਵਿਸ਼ਾਲ ਰੋਡ ਸ਼ੋਅ ਕੱਢਿਆ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਸਿਮਰਨਜੀਤ ਸਿੰਘ ਮਾਨ ਨੇ ਅੱਜ ਕੱਢੇ ਰੋਡ ਸ਼ੋਅ ਦੌਰਾਨ ਕਿਹਾ ਕਿ ਉਹ ਸੰਸਦ ਮੈਂਬਰ ਬਣ ਕੇ ਵਾਹਗਾ ਬਾਰਡਰ ਦਾ ਰਸਤਾ ਖੋਲ੍ਹਣ ਲਈ ਪੂਰੀ ਵਾਹ ਲਾਉਣਗੇ ਤਾਂ ਜੋ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਵਪਾਰ ਲਈ ਖੁੱਲ ਸਕਣ ਤੇ ਪੰੰਜਾਬ ਦੀਆਂ ਵਸਤਾਂ ਦੀ ਮੰਗ ਵਧ ਸਕੇ।
ਅਕਾਲੀ ਦਲ (ਅ) ਵੱਲੋਂ ਸਰਕਾਰ ’ਤੇ ਪੰਚਾਇਤਾਂ ਨੂੰ ਧਮਕਾਉਣ ਦੇ ਦੋਸ਼
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ’ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਦੋਸ਼ ਲਾਏ ਹਨ। ਪਾਰਟੀ ਦੇ ਆਗੂ ਗੋਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਣਾ ਰਾਜੂ ਨੂੰ ਇਸ ਸਬੰਧੀ ਇੱਕ ਸ਼ਿਕਾਇਤ ਵੀ ਦਿੱਤੀ ਗਈ ਹੈ। ਪਾਰਟੀ ਨੇ ਦੋਸ਼ ਲਾਇਆ ਹੈ ਕਿ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਫ਼ਸਰਾਂ ਵੱਲੋਂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਬਰਨਾਲਾ, ਸੰਗਰੂਰ ਅਤੇ ਮਾਲੇਰਕੋਟਲਾ ਵਿੱਚ ਤਾਇਨਾਤ ਵਿਜੀਲੈਂਸ ਦੇ ਅਫ਼ਸਰਾਂ ਵੱਲੋਂ ਵੀ ਸਰਕਾਰੀ ਧਿਰ ਦੇ ਉਮੀਦਵਾਰ ਦੀ ਹਮਾਇਤ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ।