ਪਾਲ ਸਿੰਘ ਨੌਲੀ
ਜਲੰਧਰ, 16 ਅਪਰੈਲ
ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਕਾਂਗਰਸ ਨੂੰ ਫਿਰ ਤੋਂ ਮਜ਼ਬੂਤ ਕਰਨ ਲਈ ਪਾਰਟੀ ਵਰਕਰਾਂ ਦੇ ਘਰ ਨੰਗੇ ਪੈਰੀਂ ਵੀ ਜਾਣ ਨੂੰ ਤਿਆਰ ਹਨ। ਸੂਬਾ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਜਲੰਧਰ ਆਏ ਰਾਜਾ ਵੜਿੰਗ ਅੱਜ ਇਥੋਂ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਤੇ ਰਾਜਿੰਦਰ ਬੇਰੀ ਦੇ ਘਰ ਗਏ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਇਆ। ਇਸੇ ਤਰ੍ਹਾਂ ਉਹ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਜਲੰਧਰ ਉੱਤਰੀ ਤੋਂ ਵਿਧਾਇਕ ਬਾਵਾ ਹੈਨਰੀ, ਫਿਲੌਰ ਤੋਂ ਵਿਧਾਇਕ ਚੌਧਰੀ ਬਿਕਰਮ ਸਿੰਘ ਤੇ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਵੀ ਗਏ। ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਐਲਾਨ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਚੰਨੀ ਸਰਕਾਰ ਨੇ ਜਿਹੜੀਆਂ ਬਿਜਲੀ ਦਰਾਂ ਘੱਟ ਕੀਤੀਆਂ ਸਨ, ਕਿਤੇ ਉਨ੍ਹਾਂ ਦਰਾਂ ਵਿੱਚ ‘ਆਪ’ ਸਰਕਾਰ ਵਾਧਾ ਨਾ ਕਰ ਦੇਵੇ।
ਸੰਗਰੂਰ ਲੋਕ ਸਭਾ ਹਲਕੇ ਦੀ ਉਪ ਚੋਣ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਧਾਨ ਬਣਨ ਮਗਰੋਂ ਇਹ ਪਹਿਲੀ ਲੋਕ ਸਭਾ ਦੀ ਉਪ ਚੋਣ ਆ ਰਹੀ ਹੈ, ਜਿਸ ਵਿੱਚ ਉਹ ਤਕੜੇ ਹੋ ਕੇ ਟੱਕਰ ਦੇਣਗੇ। ਇਸ ਮੌਕੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਅਵਤਾਰ ਹੈਨਰੀ, ਜ਼ਿਲ੍ਹਾ ਦਿਹਾਤੀ ਦੇ ਸਾਬਕਾ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਰਹੇ ਸੋਨੂੰ ਢੇਸੀ, ਕਾਂਗਰਸ ਸ਼ਹਿਰੀ ਦੇ ਪ੍ਰਧਾਨ ਬਲਰਾਜ ਠਾਕੁਰ ਅਤੇ ਦਿਹਾਤੀ ਦੇ ਪ੍ਰਧਾਨ ਦਰਸ਼ਨ ਸਿੰਘ ਟਾਹਲੀ ਹਾਜ਼ਰ ਸਨ।
ਕੈਪਟਨ ਦੇ ਕਾਰਜਕਾਲ ’ਤੇ ਸਵਾਲ ਉਠਾਏ
ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਲਏ ਬਗੈਰ ਕਿਹਾ ਕਿ ਲਗਪਗ ਪੌਣੇ ਪੰਜ ਸਾਲ ਸੂਬੇ ਵਿੱਚ ਜੋ ਲੋਕ ਚਾਹੁੰਦੇ ਸਨ, ਉਹ ਨਹੀਂ ਹੋ ਸਕਿਆ, ਜਦਕਿ ਨੇਤਾਵਾਂ ਅਤੇ ਵਰਕਰਾਂ ਵਿੱਚ ਆਪਸੀ ਤਾਲਮੇਲ ਦੀ ਘਾਟ ਕਾਰਨ ਇਸ ਵਾਰ ਲੋਕ ਬਦਲਾਅ ਵੱਲ ਲੈ ਕੇ ਆਏ ਹਨ। ਇਸ ਬਦਲਾਅ ਦੀ ਨੀਂਹ ਘਰ ਦੀ ਬੇਇਤਫ਼ਾਕੀ ਕਾਰਨ ਆਪਣਿਆਂ ਨੇ ਹੀ ਰੱਖੀ ਸੀ। ਉਹ ਅੱਜ ਇੱਥੇ ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੀ ਅਗਵਾਈ ਵਿੱਚ ਇਕੱਠੇ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨੇਤਾਵਾਂ ਅਤੇ ਵਰਕਰਾਂ ਨਾਲ ਰਾਬਤਾ ਕਾਇਮ ਕਰਨ ਲਈ ਉਹ ਸੂਬੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਜਾਣਗੇ। ਉਨ੍ਹਾਂ ਵਰਕਰਾਂ ਨੂੰ ਆਪਸੀ ਗਿਲੇ ਸ਼ਿਕਵੇ ਭੁਲਾ ਕੇ ਸੂਬੇ ਵਿੱਚ ਕਾਂਗਰਸ ਦਾ ਮਜ਼ਬੂਤ ਸੰਗਠਨ ਬਣਾਉਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ।