ਸਰਕਾਰੀ ਹੁਕਮਾਂ ਦੀ ਅਣਦੇਖੀ: ਝੋਨੇ ਦੀ ਲਵਾਈ ਹਫ਼ਤਾ ਪਹਿਲਾਂ ਸ਼ੁਰੂ
ਜੋਗਿੰਦਰ ਸਿੰਘ ਮਾਨ
ਮਾਨਸਾ, 2 ਜੂਨ
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ ਸੂਬੇ ਨੂੰ ਤਿੰਨ ਹਿੱਸਿਆਂ ਵਿੱਚ ਵੰਡੇ ਜਾਣ ਦੇ ਬਾਵਜੂਦ ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਨੇ ਹਫ਼ਤਾ ਪਹਿਲਾਂ ਝੋਨੇ ਦੀ ਲਵਾਈ ਸ਼ੁਰੂ ਕਰ ਦਿੱਤੀ ਹੈ। ਸਰਕਾਰ ਨੇ ਪਹਿਲੀ ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਝੋਨੇ ਲਾਉਣ ਦੀ ਆਗਿਆ ਦਿੱਤੀ ਹੈ, ਜਦੋਂਕਿ ਮਾਨਸਾ ਜ਼ਿਲ੍ਹੇ ਵਿੱਚ 9 ਜੂਨ ਤੋਂ ਝੋਨਾ ਲਾਉਣ ਦੀਆਂ ਸਰਕਾਰੀ ਹਦਾਇਤਾਂ ਹਨ। ਇਸ ਦੇ ਬਾਵਜੂਦ ਮਾਨਸਾ ਨੇੜਲੇ ਪਿੰਡ ਭੈਣੀਬਾਘਾ ਵਿੱਚ ਕਿਸਾਨਾਂ ਵੱਲੋਂ ਅੱਜ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਲਈ ਅੱਠ ਘੰਟਿਆਂ ਤੋਂ ਵੱਧ ਦਿੱਤੀ ਜਾ ਰਹੀ ਬਿਜਲੀ ਦਾ ਲਾਹਾ ਲੈਂਦਿਆਂ ਕਿਸਾਨਾਂ ਨੇ ਕਾਹਲੀ ਵਿੱਚ ਝੋਨਾ ਲਾਉਣਾ ਸ਼ੁਰੂ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਵਾਰ ਮਾਲਵਾ ਖੇਤਰ ਵਿੱਚ ਪਹਿਲੀ ਜੂਨ ਤੋਂ ਬਾਅਦ 9 ਜੂਨ ਨੂੰ ਮਾਨਸਾ, ਮੋਗਾ, ਬਰਨਾਲਾ, ਲੁਧਿਆਣਾ, ਮਾਲੇਰਕੋਟਲਾ, ਸੰਗਰੂਰ, ਪਟਿਆਲਾ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਝੋਨਾ ਲਾਉਣ ਦੀ ਸਿਫਾਰਸ਼ ਕੀਤੀ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਿਸ਼ਚਿਤ ਕੀਤੇ ਸਮੇਂ ਤੋਂ ਪਹਿਲਾਂ ਲਾਏ ਝੋਨੇ ਦੀ ਪਿੰਡਾਂ ਵਿਚਲੇ ਯੂਨੀਅਨ ਦੇ ਯੂਨਿਟ ਬਕਾਇਦਾ ਰਾਖੀ ਕਰਨਗੇ ਅਤੇ ਖੇਤੀ ਅਧਿਕਾਰੀਆਂ ਨੂੰ ਕਿਸੇ ਵੀ ਕਿਸਾਨ ਦੇ ਝੋਨਾ ਵਾਹੁਣ ਵਰਗੀ ਨੌਬਤ ਖੜ੍ਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਉਹ 9 ਜੂਨ ਤੋਂ ਝੋਨਾ ਲਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵਾਲੇ ਹੁਕਮਾਂ ਤੋਂ ਬਿਲਕੁਲ ਨਾ ਘਬਰਾਉਣ।
ਝੋਨਾ ਲਾਏ ਜਾਣ ਬਾਰੇ ਕੋਈ ਸੂਚਨਾ ਨਹੀਂ: ਮੁੱਖ ਅਫਸਰ
ਖੇਤੀਬਾੜੀ ਵਿਭਾਗ ਦੇ ਮੁੱਖ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ ਅਗੇਤਾ ਝੋਨਾ ਲਾਉਣ ਸਬੰਧੀ ਕੋਈ ਜਾਣਕਾਰੀ ਨਹੀਂ ਅਤੇ ਇਸ ਦੀ ਇਤਲਾਹ ਮਿਲਣ ਤੋਂ ਬਾਅਦ ਉੱਚ ਅਧਿਕਾਰੀਆਂ ਨੂੰ ਬਕਾਇਦਾ ਸੂਚਿਤ ਕੀਤਾ ਜਾਵੇਗਾ।