ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
ਜਸਬੀਰ ਸਿੰਘ ਚਾਨਾ
ਕਪੂਰਥਲਾ, 2 ਜੁਲਾਈ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਪਿੰਡ ਡੋਗਰਾਂਵਾਲ ਵਿੱਚ ਤਿੰਨ ਨਸ਼ਾ ਤਸਕਰਾਂ ਵੱਲੋਂ ਪੰਚਾਇਤੀ ਜ਼ਮੀਨ ’ਤੇ ਕੀਤੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ। ਇਸ ਬਾਰੇ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੇ ਪਿੰਡ ਡੋਗਰਾਂਵਾਲ ’ਚ ਤਿੰਨ ਨਸ਼ਾ ਤਸਕਰਾਂ ਵੱਲੋਂ ਪੰਚਾਇਤ ਜ਼ਮੀਨ ’ਤੇ ਕੀਤੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨੋਂ ਤਸਕਰਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਨਸ਼ਾ ਤਸਕਰੀ ਦੇ 19 ਕੇਸ ਦਰਜ ਹਨ ਤੇ ਵੱਡੀ ਮਾਤਰਾ ’ਚ ਨਸ਼ਾ ਵੀ ਬਰਾਮਦ ਕੀਤਾ ਗਿਆ ਸੀ। ਮੁਲਜ਼ਮਾਂ ’ਚ ਰਾਜਵਿੰਦਰ ਸਿੰਘ ਉਰਫ਼ ਰਾਜੂ ਵਾਸੀ ਖ਼ਿਲਾਫ਼ 7, ਸੁਖਜਿੰਦਰ ਸਿੰਘ ਖ਼ਿਲਾਫ਼ ਚਾਰ, ਸੁਖਚੈਨ ਸਿੰਘ ਉਰਫ਼ ਦਿਲਬਰ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਐੱਸਐੱਸਪੀ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਨਸ਼ਾ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦੀ ਹਮਾਇਤ ਨਾ ਕੀਤੀ ਜਾਵੇ।