ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਸਤੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਪਾਬੰਦੀ ਦੇ ਬਾਵਜੂਦ ਗ਼ੈਰਕਾਨੂੰਨੀ ਖਣਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਰੇਤਾ ਦਾ ਕੋਈ ਸਟਾਕ ਨਹੀਂ ਹੈ ਪਰ ਰੇਤਾ ਵੇਚਣ ਦੀਆਂ ਜਨਤਿਕ ਸੂਚਨਾਵਾਂ ਦੇ ਕੇ ਸਰਕਾਰ ਵੱਲੋਂ ਲੋਕਾਂ ਨੂੰ ਬੇਵਕੂਫ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਨਵੀਂ ਕਰੱਸ਼ਰ ਨੀਤੀ ਬਣਾਈ ਹੈ, ਉਸ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ ਤੇ ਠੱਗੀ ਮਾਰਨ ਲਈ ਰਾਹ ਖੁੱਲ੍ਹਾ ਰੱਖਿਆ ਗਿਆ ਹੈ। ਸਾਬਕਾ ਉਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਕੀਤੀ ਸਾਂਝੀ ਕਾਨਫਰੰਸ ਦੌਰਾਨ ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਮੁੱਦਿਆਂ ਦੀ ਥਾਂ ਭਰੋਸਗੀ ਮਤਾ ਲੈ ਆਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਰਕਾਰ ਜਨਤਕ ਮੁੱਦਿਆਂ ’ਤੇ ਬਹਿਸ ਕਰਨ ਤੋਂ ਭੱਜ ਰਹੀ ਹੈ। ਇਸੇ ਦੌਰਾਨ ਪਤਾ ਲੱਗਾ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਨੂੰ ਭਲਕੇ ਮੁੱਖ ਮੰਤਰੀ ਖ਼ਿਲਾਫ਼ ਨਿੰਦਾ ਪ੍ਰਸਤਾਵ ਪੇਸ਼ ਕਰਨ ਬਾਰੇ ਲਿਖਿਆ ਹੈ।