ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਸਤੰਬਰ
ਪੰਜਾਬ ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਖਣਨ ਮਾਮਲੇ ’ਚ ਸਾਬਕਾ ਸਪੀਕਰ ਦੀ ਕਥਿਤ ਭੂਮਿਕਾ ਦੀ ਜਾਂਚ ਵਿਜੀਲੈਂਸ ਵਿਭਾਗ ਨੂੰ ਸੌਂਪਣ ’ਤੇ ਪੰਜਾਬ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਰਾਣਾ ਕੇਪੀ ਸਿੰਘ ਦੇ ਹੱਕ ਵਿੱਚ ਨਿੱਤਰ ਆਈ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸ ਦੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਖਣਨ ਮੰਤਰੀ ਹਰਜੋਤ ਬੈਂਸ ਨੂੰ ਬਰਖਾਸਤ ਕਰਨ ਅਤੇ ਮਾਈਨਿੰਗ ਮਾਮਲੇ ਦੀ ਸੀਬੀਆਈ ਜਾਂਚ ਕਰਨ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਬੈਂਸ ਖੁਦ ਖਣਨ ਮਾਮਲੇ ਵਿੱਚ ਹਾਈ ਕੋਰਟ ਅਤੇ ਰਾਜਪਾਲ ਦੇ ਘੇਰੇ ਵਿੱਚ ਆ ਚੁੱਕੇ ਹਨ ਤੇ ਇਨ੍ਹਾਂ ਨੂੰ ਜਾਂਚ ਪੂਰੀ ਹੋਣ ਤੱਕ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਰਾਣਾ ਕੇਪੀ ਨੇ ਕਿਹਾ ਕਿ ਹਾਈ ਕੋਰਟ ਨੇ ਮਾਈਨਿੰਗ ਪਾਲਸੀ ’ਤੇ ਰੋਕ ਲਗਾ ਦਿੱਤੀ ਹੈ ਤੇ ਉਸ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਟੈਂਡਰ ਜਾਰੀ ਨਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਬੈਂਸ ਵੱਲੋਂ ਕੀਤੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਪਿਛਲੇ ਸਾਲ ਇਸ ਕੇਸ ਦੀ ਜਾਂਚ ਕਰਨਾ ਚਾਹੁੰਦੀ ਸੀ, ਪਰ ਬਗੈਰ ਦਸਤਖਤ ਵਾਲੀ ਇਕ ਸ਼ਿਕਾਇਤ ’ਤੇ ਵਿਚਾਰ ਨਹੀਂ ਸੀ ਕੀਤਾ ਜਾ ਸਕਦਾ। ਰਾਣਾ ਕੇਪੀ ਨੇ ਉਕਤ ਮਾਮਲੇ ਦੀ ਜਾਂਚ ਸੀਬੀਆਈ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ।
ਆਪਣੇ ਜੁਰਮਾਂ ’ਤੇ ਪਰਦਾ ਪਾਉਣ ਲਈ ਬੈਂਸ ’ਤੇ ਦੋਸ਼ ਲਾ ਰਹੇ ਨੇ ਰਾਣਾ ਕੇਪੀ: ਕੰਗ
ਚੰਡੀਗੜ੍ਹ (ਟਨਸ): ‘ਆਪ’ ਨੇ ਕਾਂਗਰਸ ’ਤੇ ਆਪਣੇ ਕਥਿਤ ਭ੍ਰਿਸ਼ਟ ਆਗੂਆਂ ਨੂੰ ਬਚਾਉਣ ਦਾ ਦੋਸ਼ ਲਾਇਆ ਹੈ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀਆਂ ਨੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਕੀਤਾ ਕਿ ਉਹ ਜਾਂਚ ਤੋਂ ਕਿਉਂ ਡਰਦੇ ਹਨ। ਉਨ੍ਹਾਂ ਕਿਹਾ ਕਿ ਰਾਣਾ ਕੇਪੀ ਆਪਣੇ ਜੁਰਮਾਂ ’ਤੇ ਪਰਦਾ ਪਾਉਣ ਲਈ ਹਰਜੋਤ ਬੈਂਸ ਖ਼ਿਲਾਫ਼ ਦੋਸ਼ ਲਾ ਰਹੇ ਹਨ। ਸ੍ਰੀ ਕੰਗ ਨੇ ਕਿਹਾ ਕਿ 9 ਜੁਲਾਈ 2021 ਨੂੰ ਸੀਬੀਆਈ ਨੇ ਪੰਜਾਬ ਰਾਜ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਤਤਕਾਲੀ ਵਿਧਾਨ ਸਭਾ ਸਪੀਕਰ ਤੇ ਕਾਂਗਰਸੀ ਆਗੂ ਰਾਣਾ ਕੇਪੀ ਸਿੰਘ ਰਾਹੀਂ ਅਹੁਦੇ ਦੀ ਦੁਰਵਰਤੋਂ ਕਰਕੇ ਨਾਜਾਇਜ਼ ਮਾਈਨਿੰਗ ਕਰਨ ਦਾ ਜ਼ਿਕਰ ਕੀਤਾ ਸੀ।