ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ.ਨਗਰ (ਮੁਹਾਲੀ), 17 ਜੂਨ
ਸ਼ਾਮਲਾਤ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੰਚਾਇਤ ਵਿਭਾਗ ਸਖ਼ਤ ਹੋ ਗਿਆ ਹੈ। ਪੰਚਾਇਤ ਵਿਭਾਗ ਦੇ ਡਾਇਰੈਕਟਰ ਵੱਲੋਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਭੇਜੇ ਗਏ ਪੱਤਰ ਵਿੱਚ ਪੰਚਾਇਤਾਂ ਦੀਆਂ ਨਾਜਾਇਜ਼ ਕਬਜ਼ਿਆਂ ਹੇਠਲੀਆਂ ਸ਼ਾਮਲਾਤ ਜ਼ਮੀਨਾਂ ਦੀ ਇੱਕ ਮਹੀਨੇ ਦੇ ਅੰਦਰ-ਅੰਦਰ ਨਿਸ਼ਾਨਦੇਹੀ ਕਰਾਉਣ ਲਈ ਆਖਿਆ ਗਿਆ ਹੈ। ਉਨ੍ਹਾਂ ਨਿਸ਼ਾਨਦੇਹੀ ਕਰਾਉਣ ਮਗਰੋਂ ਕਬਜ਼ੇ ਹੇਠਲੀ ਜ਼ਮੀਨ ਨੂੰ ਖਾਲੀ ਕਰਾਉਣ ਲਈ ਯੋਗ ਕਾਰਵਾਈ ਕਰਨ ਅਤੇ ਸਮਰੱਥ ਅਧਿਕਾਰੀ ਕੋਲ ਕਾਬਜ਼ਕਾਰਾਂ ਵਿਰੁੱਧ ਕੇਸ ਦਰਜ ਕਰਾਉਣ ਦੀਆਂ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਵਿਭਾਗ ਦੇ ਡਾਇਰੈਕਟਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਸ਼ਾਨਦੇਹੀ ਵਿੱਚ ਦਿੱਕਤਾਂ ਆਉਣ ’ਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰ ਕੇ ਪੁਲੀਸ ਦੀ ਸਹਾਇਤਾ ਲੈਣ ਲਈ ਕਿਹਾ ਹੈ। ਜੇ ਮਿੱਥੇ ਸਮੇਂ ’ਤੇ ਅਜਿਹਾ ਨਾ ਕੀਤਾ ਗਿਆ ਤਾਂ ਵਿਧਾਨ ਸਭਾ ਕਮੇਟੀ ਅੱਗੇ ਸਬੰਧਿਤ ਜ਼ਿਲ੍ਹਾ ਅਧਿਕਾਰੀ ਜਵਾਬਦੇਹ ਹੋਣਗੇ।